ਪ੍ਰਿੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੇ ਅੱਜ ਇੱਥੇ ਮਿਊਂਸਿਪਲ ਭਵਨ ਸੈਕਟਰ-35 ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓ.ਪੀ. ਸੋਨੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ ਅਤੇ ਸਮਰਪਿਤ ਪਾਰਟੀ ਵਰਕਰ ਖੁੱਲਰ ਨੂੰ ਮੁਬਾਰਕਬਾਦ ਦਿੰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸੂਬੇ ਦੇ ਨੌਜਵਾਨਾਂ ਦੀ ਸੇਵਾ ਪ੍ਰਤੀ ਤਤਪਰ ਰਹਿਣਗੇ। ਖੁੱਲਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਮਾਜ ਭਲਾਈ ਤੇ ਸਿੱਖਿਆ ਸੈੱਲ ਦੇ ਚੇਅਰਮੈਨ ਵੀ ਹਨ ਅਤੇ ਉਹ ਤਿੰਨ ਸਾਲਾਂ ਤੋਂ ਸੂਬਾਈ ਹੈਲਥ ਮਿਸ਼ਨ ਦੇ ਮੈਂਬਰ ਹਨ। ਉਹ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਵਰਗੇ ਅਹੁਦਿਆਂ ਉਤੇ ਵੀ ਰਹਿ ਚੁੱਕੇ ਹਨ।

ਇਸ ਮੌਕੇ ਬ੍ਰਹਮ ਮਹਿੰਦਰਾ ਤੇ ਓ.ਪੀ. ਸੋਨੀ ਨੇ ਵੀ ਸੀਨੀਅਰ ਵਾਈਸ ਚੇਅਰਮੈਨ ਪਿ੍ਰੰਸ ਖੁੱਲਰ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਉਨਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਖੁੱਲਰ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਖ਼ਤਰੇ ਨਾਲ ਜ਼ੋਰਦਾਰ ਢੰਗ ਨਾਲ ਸਿੱਝ ਰਹੀ ਹੈ ਅਤੇ ਹੁਣ ਇਸ ਖ਼ਤਰੇ ਨੂੰ ਜੜੋਂ ਪੁੱਟਣ ਦੀ ਜ਼ਿੰਮੇਵਾਰੀ ਨੌਜਵਾਨਾਂ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਮਦਦ ਨਾਲ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਇਸ ਲੜਾਈ ਨੂੰ ਸਿਖਰ ਉਤੇ ਲੈ ਕੇ ਜਾਏਗਾ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ। ਉਨਾਂ ਕਿਹਾ ਕਿ ਭਾਵੇਂ ਉਨਾਂ ਰਸਮੀ ਤੌਰ ਉਤੇ ਅੱਜ ਇਹ ਅਹੁਦਾ ਸੰਭਾਲਿਆ ਹੈ ਪਰ ਉਹ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਹੁਦੇ ਲਈ ਉਨਾਂ ਉਤੇ ਜੋ ਭਰੋਸਾ ਜਤਾਇਆ ਹੈ, ਉਸ ਉਤੇ ਪੂਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

Share this Article
Leave a comment