ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸੀਐਮ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ 5 ਫੀਸਦੀ ਤੋਂ ਜਿਆਦਾ ਫੀਸ ਵਸੂਲੀ ਹੈ ਤਾਂ ਉਨ੍ਹਾਂ ਨੂੰ ਇਹ ਪੈਸੇ ਮਾਪਿਆਂ ਨੂੰ ਵਾਪਿਸ ਕਰਨੇ ਹੋਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨਿੱਜੀ ਸਕੂਲਾਂ ਦੀ ਮਨਮਾਨੀ ਨਹੀਂ ਚੱਲਣ ਦਿਆਂਗੇ ਤੇ ਜੇਕਰ ਕੋਈ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਕਰਨ ਦੀ ਖੁੱਲ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੀ ਦਿੱਤੀ ਗਈ ਸੀ। ਉਨ੍ਹਾਂ ਦਾ ਖੁਦ ਦਾ ਵੀ ਇਕ ਬਹੁਤ ਵੱਡਾ ਪ੍ਰਾਈਵੇਟ ਸਕੂਲ ਹੈ ਪਰ ਹੁਣ ਪ੍ਰਾਈਵੇਟ ਸਕੂਲਾਂ ਦੀ ਮਾਨਮਾਨੀ ਨਹੀਂ ਚੱਲੇਗੀ।

