ਕੈਪਟਨ ਬਲਦੀ ‘ਤੇ ਤੇਲ ਨਾਂ ਪਾਉਣ: ਪ੍ਰੋ.ਚੰਦੂਮਾਜਰਾ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਹ ਮੋਗੇ ਵਾਲੀ ਘਟਨਾ ‘ਤੇ ਅਫਸੋਸ ਪ੍ਰਗਟ ਕਰਦੇ ਹਨ ਅਤੇ ਨਾਲ ਹੀ ਚਾਹੁੰਦੇ ਹਨ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਅਕਾਲੀ ਦਲ ਸਹਿਮਤੀ ਤੋਂ ਬਾਅਦ ਹੀ ਅਗਲੇ ਪ੍ਰੋਗਰਾਮ ਕਰੇ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਜਿੱਥੇ ਉਹ ਕਹਿਣਗੇ ਅਕਾਲੀ ਦਲ ਦੇ ਆਗੂ ਮੀਟਿੰਗ ਕਰਨਗੇ। ਜੋ ਵੀ ਮੀਟਿੰਗ ਵਿੱਚ ਫ਼ੈਸਲਾ ਹੋਵੇਗਾ, ਉਸੇ ਮੁਤਾਬਕ ਅਕਾਲੀ ਦਲ ਅਗਲੇ ਪ੍ਰੋਗਰਾਮ ਕਰੇਗਾ। ਇਸੇ ਕਾਰਨ ਅਕਾਲੀ ਦਲ ਨੇ 6 ਦਿਨ ਲਈ ਆਪਣੇ ਪ੍ਰੋਗਰਾਮ ਰੱਦ ਕੀਤੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਵਾ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕਰ ਰਹੇ ਹਨ ਤੇ ਗਲਤ ਬਿਆਨਬਾਜ਼ੀ ਕਰਕੇ ਕਿਸਾਨ ਜਥੇਬੰਦੀਆਂ ਅਤੇ ਅਕਾਲੀ ਦਲ ਵਿਚਕਾਰ ਹੋਣ ਵਾਲੇ ਸਮਝੌਤੇ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਵਿੱਚ ਹਨ। ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹੈ ਜਿਸ ਕਾਰਨ ਸਾਨੂੰ ਸਭ ਨੂੰ ਸੁਚੇਤ ਹੋ ਕੇ ਚੱਲਣਾ ਚਾਹੀਦਾ ਹੈ।

ਚੰਦੂਮਾਜਰਾ ਨੇ ਚੰਡੀਗੜ੍ਹ ਵਿੱਚ ਵਿਸ਼ੇਸ਼ ਤੌਰ ‘ਤੇ ਕੇਂਦਰੀ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕਰਨ ਵਾਸਤੇ ਪ੍ਰੈੱਸ ਕਾਨਫਰੰਸ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਏਅਰਪੋਰਟ ਤੋਂ ਹੁਣ ਕਾਰਗੋ ਹਵਾਈ ਸੇਵਾ ਸ਼ੁਰੂ ਹੋ ਜਾਵੇਗੀ ਜਿਸ ਨਾਲ ਖੇਤੀ ਵਸਤਾਂ, ਫਲਾਂ ਅਤੇ ਸਬਜ਼ੀਆਂ ਨੂੰ ਬਾਹਰਲੇ ਦੇਸ਼ਾਂ ਵਿੱਚ ਭੇਜਿਆ ਜਾ ਸਕੇਗਾ। ਇਸ ਨਾਲ ਇਸ ਖਿੱਤੇ ਦੇ ਕਿਸਾਨਾਂ ਦੀ ਆਮਦਨ ਵੀ ਵਧੇਗੀ ਅਤੇ ਨੌਕਰੀ ਦੇ ਮੌਕੇ ਵੀ ਪੈਦਾ ਹੋਣਗੇ।

Share this Article
Leave a comment