ਪੰਜਾਬ : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ… ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲਣ ਜਾ ਰਹੀ ਹੈ… ਕਿਉਂਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਮੁੜ ਆਪਣੀ ਪੁਰਾਣੀ ਪਾਰਟੀ ਵਿੱਚ ਵਾਪਸੀ ਕਰਨ ਜਾ ਰਹੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਚੰਦੂਮਾਜਰਾ ਦੀ ਘਰ ਵਾਪਸੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਪਹੁੰਚ ਰਹੇ ਹਨ। ਜਿੱਥੇ ਉਹ ਪ੍ਰੋ. ਚੰਦੂਮਾਜਰਾ ਦਾ ਪਾਰਟੀ ਵਿੱਚ ਸਵਾਗਤ ਕਰਨਗੇ।ਦੱਸ ਦੇਈਏ ਕਿ ਇਸ ਘਰ ਵਾਪਸੀ ਦੇ ਸੰਕੇਤ ਪਿਛਲੇ ਦੋ ਦਿਨਾਂ ਤੋਂ ਹੀ ਮਿਲਣੇ ਸ਼ੁਰੂ ਹੋ ਗਏ ਸਨ। ਸਭ ਤੋਂ ਪਹਿਲਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਆਪਣੇ ਸਾਰੇ ਸਿਆਸੀ ਨਾਤੇ ਤੋੜ ਲਏ ਸਨ। ਇਸ ਤੋਂ ਅਗਲੇ ਹੀ ਦਿਨ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੌ : ਧਨਤੇਰਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਸੁਖੀ ਜੀਵਨ ਅਤੇ ਚੰਗੀ ਸਿਹਤ ਦੀ ਕੀਤੀ ਕਾਮਨਾ
ਪਿਤਾ-ਪੁੱਤਰ ਦੇ ਇਨ੍ਹਾਂ ਫ਼ੈਸਲਿਆਂ ਤੋਂ ਬਾਅਦ ਹੀ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਸੀ ਕਿ ਚੰਦੂਮਾਜਰਾ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ। ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਖ਼ੁਦ ਚੰਦੂਮਾਜਰਾ ਦੀ ਰਿਹਾਇਸ਼ ’ਤੇ ਪਹੁੰਚਣਾ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਸਿਆਸੀ ਕੁੜੱਤਣ ਦੇਖਣ ਨੂੰ ਮਿਲੀ ਸੀ, ਪਰ ਹੁਣ ਇਸ ਮੁਲਾਕਾਤ ਨਾਲ ਪੁਰਾਣੇ ਗਿਲੇ-ਸ਼ਿਕਵੇ ਦੂਰ ਹੋਣ ਦੇ ਸੰਕੇਤ ਮਿਲ ਰਹੇ ਹਨ। ਉੱਧਰ, ਚੰਦੂਮਾਜਰਾ ਪਰਿਵਾਰ ਦੀ ਵਾਪਸੀ ਨਾਲ ਪਟਿਆਲਾ, ਸ੍ਰੀ ਅਨੰਦਪੁਰ ਸਾਹਿਬ ਅਤੇ ਮਾਲਵਾ ਖੇਤਰ ਵਿੱਚ ਅਕਾਲੀ ਦਲ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਫਿਲਹਾਲ ਚੰਦੂਮਾਜਰਾ ਦੀ ਕੋਠੀ ’ਤੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਘਰ ਵਾਪਸੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਦੀ ਅਗਲੀ ਰਣਨੀਤੀ ਕੀ ਰਹਿੰਦੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਕਿੰਨਾ ਸਿਆਸੀ ਫ਼ਾਇਦਾ ਮਿਲਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

