ਨਹੀਂ ਰਹੇ ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ

TeamGlobalPunjab
2 Min Read

ਨਿਊਜ਼ ਡੈਸਕ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ, ਪ੍ਰੋਫ਼ੈਸਰ ਆਫ਼ ਸਿੱਖਿਜ਼ਮ ਡਾ. ਜੋਧ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਉਹ ਕੁਝ ਸਮੇਂ ਤੋਂ ਬੀਮਾਰ ਸਨ, ਉਹਨਾਂ ਪਟਿਆਲਾ ਵਿਖੇ ਆਪਣੇ ਆਖਰੀ ਸਾਹ ਲਏ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡਾ. ਜੋਧ ਸਿੰਘ ਨੇ ਆਪਣਾ ਅਕਾਦਮਿਕ ਸਫ਼ਰ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਦਰਸ਼ਨ ਸ਼ਾਸਤਰ ਅਤੇ ਅੰਗਰੇਜ਼ੀ ਵਿਚ ਮਾਸਟਰ ਡਿਗਰੀ ਪ੍ਰਾਪਤ ਕਰ ਕੇ ਸ਼ੁਰੂ ਕੀਤਾ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵਿਚ ਬਤੌਰ ਪ੍ਰੋਫੈਸਰ ਆਏ। ਉਨ੍ਹਾਂ ਨੇ ਸਿੱਖ ਚਿੰਤਨ ਦਰਸ਼ਨ ਅਤੇ ਗੁਰਬਾਣੀ ਤੇ ਬਹੁਤ ਵਿਸਤਾਰ ਪੂਰਵਕ ਕੰਮ ਕੀਤਾ ।

ਡਾ. ਜੋਧ ਸਿੰਘ ਦੁਆਰਾ ਕੀਤੇ ਗਏ ਵੱਡੇ ਕੰਮਾਂ ਵਿਚੋਂ ਵਾਰਾਂ ਭਾਈ ਗੁਰਦਾਸ ਦਾ ਅੰਗਰੇਜ਼ੀ ਵਿੱਚ ਤਰਜਮਾ ਕਰਨਾ ਹੈ, ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਹਿੰਦੀ ਵਿੱਚ ਤਰਜਮਾ ਕੀਤਾ। ਡਾ. ਸਿੰਘ ਨੇ ਦਸਮ ਗ੍ਰੰਥ ਦੀਆਂ ਬਾਣੀਆਂ ਤੇ ਮਹੱਤਵਪੂਰਨ ਕਾਰਜ ਕੀਤੇ। ਡਾ ਜੋਧ ਸਿੰਘ ਵੱਖ ਵੱਖ ਸੰਸਥਾਵਾਂ ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਿੱਖ ਸਿਧਾਂਤ ਚਿੰਤਨ ਨਾਲ ਜੁੜੀਆਂ ਹੋਈਆਂ ਸੰਸਥਾਵਾਂ ਦੇ ਮੈਂਬਰ ਰਹੇ ਸਨ। ਪੰਜਾਬੀ ਯੂਨੀਵਰਸਿਟੀ ਦੁਆਰਾ ਪੰਜਾਬੀ ਦੇ ਵਿਕਾਸ ਲਈ ਭਾਰਤੀ ਪੰਜਾਬੀ ਕਾਨਫਰੰਸ ਦੇ ਕਨਵੀਨਰ ਰਹੇ। ਉਨ੍ਹਾਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।

ਡਾ. ਜੋਧ ਸਿੰਘ ਦੇ ਜਾਣ ਨਾਲ ਸਿੱਖ ਜਗਤ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਨਾ ਪੂਰਾ ਹੋ ਸਕਣ ਵਾਲਾ ਘਾਟਾ ਪਵੇਗਾ। ਡਾ. ਸਤਿਨਾਮ ਸਿੰਘ ਸੰਧੂ ਡੀਨ ਭਾਸ਼ਾਵਾਂ ਨੇ ਕਿਹਾ ਕਿ ਡਾ ਜੋਧ ਸਿੰਘ ਦੇ ਜਾਣ ਨਾਲ ਪੰਜਾਬੀ ਭਾਸ਼ਾ ਅਤੇ ਸਿੱਖ ਚਿੰਤਨ ਦੇ ਵਿਚ ਸਾਂਝੇ ਰੂਪ ਵਿੱਚ ਕੰਮ ਕਰਨ ਵਾਲੇ ਯੁੱਗ ਦਾ ਅੰਤ ਹੋ ਗਿਆ।

Share this Article
Leave a comment