ਚੰਡੀਗੜ੍ਹ (ਅਵਤਾਰ ਸਿੰਘ): ਕੇਂਦਰੀ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਅੱਜ ਬਾਦਲਾਂ ਦੇ ਹਲਕਾ ਲੰਬੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਲੰਬੀ ਸਥਿਤ ਬਾਦਲਾਂ ਦੀ ਕੋਠੀ ਦਾ ਘਿਰਾਓ ਕਰਨ ਸਮੇਂ ਪੁਲੀਸ ਵਲੋਂ ਮੁਜ਼ਾਹਰਾਕਾਰੀਆਂ ਉਪਰ ਲਾਠੀਚਾਰਜ ਕੀਤਾ ਗਿਆ ਜਿਸ ਕਾਰਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਸਣੇ ਚਾਰ ਕਾਰਕੁਨ ਜ਼ਖ਼ਮੀ ਹੋ ਗਏ। ਜ਼ੋਨ ਪ੍ਰਧਾਨ ਧਰਮ ਸਿੰਘ ਦੇ ਸਿਰ ‘ਤੇ ਸੱਟ ਲੱਗਣ ਦੀਆਂ ਰਿਪੋਰਟਾਂ ਹਨ। ਸੈਂਕੜੇ ਕਾਰਕੁਨਾਂ ਮੂਹਰੇ ਧਾਰਾ 144, ਕਰੋਨਾ ਮਹਾਮਾਰੀ ਕਰਕੇ ਲਗਾਈਆਂ ਸਰਕਾਰੀ ਰੋਕਾਂ ਦੀ ਇਕ ਨਾ ਚੱਲੀ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਪਿੱਦੀ ਨੇ ਖੇਤੀ ਆਰਡੀਨੈਂਸ ਨੂੰ ਪੰਜਾਬ ਦੀ ਕਿਸਾਨੀ ਲਈ ਘਾਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਬਾਰੇ ਚੁੱਪ ਧਾਰੀ ਹੋਈ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਦੇ ਨੇੜੇ ਵਿਖਾਵਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਇਸ ਸਬੰਧੀ ਸੰਸਦ ਮੈਂਬਰ ਨੂੰ ਮੰਗ ਪੱਤਰ ਵੀ ਸੌਂਪਿਆ। ਇਥੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਦੇ ਨੇੜੇ ਧਰਨਾ ਦਿੱਤਾ ਗਿਆ। ਮੀਂਹ ਦੇ ਬਾਵਜੂਦ ਕਿਸਾਨ ਇਕੱਠੇ ਹੋਏ। ਧਰਨੇ ਦੀ ਪ੍ਰਧਾਨਗੀ ਲਖਵਿੰਦਰ ਸਿੰਘ, ਜਰਮਨਜੀਤ ਸਿੰਘ ਤੇ ਰਣਜੀਤ ਸਿੰਘ ਨੇ ਕੀਤੀ।
ਜਲੰਧਰ ਵਿਚ ਵੀ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਐਮ ਪੀ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਵਿਜੈ ਨਗਰ ਵਿੱਚ ਚੌਧਰੀ ਸੰਤੋਖ ਸਿੰਘ ਦੀ ਕੋਠੀ ਦੇ ਬਾਹਰ ਸੜਕ ’ਤੇ ਹੀ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਚੌਧਰੀ ਸੰਤੋਖ ਸਿੰਘ ਪਾਰਲੀਮੈਂਟ ਦੇ ਅੰਦਰ ਕਿਸਾਨਾਂ ਦੀ ਆਵਾਜ਼ ਨਹੀਂ ਉਠਾਈ। ਕਿਸਾਨਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੋਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ। ਕਿਸਾਨਾਂ ਨੇ ਅਕਾਲੀ-ਭਾਜਪਾ ਮੁਰਦਾਬਾਦ ਨੇ ਨਾਅਰੇ ਲਗਾਉਂਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਡਾਨੀਆਂ-ਅੰਬਾਨੀਆਂ ਨਾਲ ਰਲ ਕੇ ਆਰਡੀਨੈਂਸਾਂ ਦੀ ਹਮਾਇਤ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ ਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।