ਨਿਊਜ਼ ਡੈਸਕ: ਭਾਰਤ ‘ਚ ਕੇਂਦਰ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਭਾਰਤ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ, ਉੱਥੇ ਵਿਦੇਸ਼ਾਂ ਵਿੱਚ ਵਸਦਾ ਭਾਰਤੀ ਭਾਈਚਾਰਾ ਵੀ ਕਿਸਾਨਾਂ ਦੀ ਹਿਮਾਇਤ ਅਤੇ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਆਏ ਦਿਨ ਰੋਸ ਪ੍ਰਦਰਸ਼ਨ ਕਰ ਰਿਹਾ ਹੈ।
ਸਵਿਟਜ਼ਰਲੈਂਡ ਦੇ ਸ਼ਹਿਰ ਬੇਰਨ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਸਵਿਟਜ਼ਰਲੈਂਡ ਦੀ ਸੰਸਦ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਭਾਰਤ ਸਰਕਾਰ ਦੁਆਰਾ ਬਣਾਏ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਇਸ ਰੋਸ ਪ੍ਰਦਰਸ਼ਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਖੇਤੀਬਾੜੀ ਵਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਪੰਜਾਬ ਸਣੇ ਭਾਰਤ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਵਿਟਜ਼ਰਲੈਂਡ ਦੇ ਜਨੋਵਾ ਸ਼ਹਿਰ ਵਿੱਚ ਸਥਿਤ ਯੂਐਨਓ ਦੇ ਦਫਤਰ ਅੱਗੇ ਵੀ ਸਮੂਹ ਭਾਰਤੀ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਹੈ।