ਨਵੀਂ ਦਿੱਲੀ : ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਅੱਜ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਏ ਸੰਘਰਸ਼ ਦਾ ਰੋਹ ਹੁਣ ਦਿੱਲੀ ਤੱਕ ਪਹੁੰਚ ਚੁੱਕਿਆ ਹੈ। ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਨਵੀਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ।
ਇਹ ਦੱਸਣਾ ਵੀ ਲਾਜ਼ਮੀ ਹੋ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਤਿਲਕ ਨਗਰ ਮੈਟਰੋ ਸਟੇਸ਼ਨ ਤੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪ੍ਰਦਰਸ਼ਨ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ ਸੰਗਤ ਨੇ ਸਰਕਾਰ ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਿਸ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਦੇ ਲਈ 85 ਪ੍ਰਤੀਸ਼ਤ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਅੱਜ ਉਨ੍ਹਾਂ ਦੇ ਨਾਲ ਹੀ ਧੱਕੇਸ਼ਾਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਜਿਹੜਾ ਕਿ ਨਹੀਂ ਹੋਣਾ ਚਾਹੀਦਾ।
ਇਸ ਸੰਘਰਸ਼ ਵਿੱਚ ਜਿੱਥੇ ਸਿੱਖ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ ਤਾਂ ਉੱਥੇ ਹੀ ਹਰ ਇਨਸਾਫ਼ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਗੱਲ ਕਰਨ ਵਾਲਾ ਵਿਅਕਤੀ ਵਧ ਚਡ਼੍ਹ ਕੇ ਹਿੱਸਾ ਲੈ ਰਿਹਾ ਹੈ। ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦੌਰਾਨ ਹਿੰਦੂ ਵੀਰ ਵੀ ਵੱਡੀ ਗਿਣਤੀ ਵਿੱਚ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਇਸ ਦੇਸ਼ ਅੰਦਰ ਬਲਾਤਕਾਰੀ ਰਿਹਾਅ ਹੋ ਸਕਦੇ ਨੇ ਤਾਂ ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ ?