ਚੰਡੀਗੜ੍ਹ: ਖੇਤ ਸੁਧਾਰ ਬਿੱਲਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਬੀਤੇ ਦਿਨੀਂ ਸਦਨ ਦੀ ਡੇਢ ਘੰਟਾ ਚੱਲੀ ਕਾਰਵਾਈ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਅੰਦਰ ਹੀ ਰਾਤ ਗੁਜ਼ਾਰੀ। ਪਹਿਲੇ ਦਿਨ ਦੇ ਸੈਸ਼ਨ ਖਤਮ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚ ਹੀ ਧਰਨਾ ਦੇ ਦਿੱਤਾ ਸੀ।
ਆਮ ਆਦਮੀ ਪਾਰਟੀ ਦੇ ਵਿਧਾਇਕ ਮੰਗ ਕਰ ਰਹੇ ਹਨ ਕਿ ਸਰਕਾਰ ਨੇ ਉਨ੍ਹਾਂ ਨੂੰ ਬਿੱਲ ਦੀਆਂ ਕਾਪੀਆਂ ਨਹੀਂ ਦਿੱਤੀ। ਜਿਸ ਤੋਂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਨਹੀਂ ਦੇਵੇਗੀ। ਵਿਰੋਧੀ ਧਿਰ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੈਸ਼ਨ ਵਿਚ ਕੀ ਲੈ ਕੇ ਆ ਰਹੀ ਹੈ, ਇਸ ਦਾ ਪੰਜਾਬ ਦੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ। ਪਰ ਸਰਕਾਰ ਨੇ ਉਨ੍ਹਾਂ ਨੂੰ ਬਿੱਲ ਦੀਆਂ ਕਾਪੀਆਂ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਮੁੱਦਾ ਪੰਜਾਬ ‘ਚ ਗੰਭੀਰ ਬਣਿਆ ਹੋਇਆ ਹੈ ਪਰ ਸਰਕਾਰ ਇਸ ਪ੍ਰਤੀ ਚਿੰਤਤ ਨਹੀਂ ਹੈ। ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਲਵਾਂ ਮੈਚ ਖੇਡਣ ਦੇ ਇਲਜ਼ਾਮ ਲਗਾਏ ਹਨ।
ਬਿੱਲ ਦੀਆਂ ਕਾਪੀਆਂ ਨਾਂ ਮਿਲਣ ‘ਤੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਨੂੰ ਬਿੱਲ ਦੀਆਂ ਕਾਪੀਆਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤਕ ਉਨ੍ਹਾਂ ਦਾ ਵਿਧਾਨ ਸਭਾ ਵਿੱਚ ਧਰਨਾ ਜਾਰੀ ਰਹੇਗਾ। ਜਿਸ ਤਹਿਤ ਬੀਤੀ ਰਾਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਗੁਜ਼ਾਰੀ।