ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਖੱਜਲ-ਖ਼ੁਆਰ ਹੋ ਰਹੇ ਰੋਜ਼ਾਨਾ ਦੇ ਬੱਸ ਮੁਸਾਫ਼ਰਾਂ ਲਈ ਰਾਹਤ ਦੀ ਖ਼ਬਰ ਹੈ । ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਫਿਲਹਾਲ ਮੁਲਤਵੀ ਕਰ ਦਿੱਤੀ ਹੈ।
ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਦਿੱਤੇ ਭਰੋਸੇ ਮਗਰੋਂ ਪਿਛਲੇ ਕਈ ਦਿਨਾਂ ਤੋਂ ਚੱਲਦੀ ਹੜਤਾਲ ਨੂੰ ਠੇਕਾ ਮੁਲਾਜ਼ਮਾਂ ਨੇ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਇਕ ਵਫਦ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਨਵੀਆਂ ਬੱਸਾਂ ਪਾਉਣ ਲਈ ਯੁਨੀਅਨ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਵਲੋਂ 842 ਨਵੀਆਂ ਬੱਸਾਂ ਜਲਦੀ ਸੜਕਾਂ ਉੱਪਰ ਚਲਾਉਣ ਲਈ ਭਰੋਸਾ ਦਿੱਤਾ ਗਿਆ ਹੈ ਅਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ’ਤੇ ਟਰਾਂਸਪੋਰਟ ਮੰਤਰੀ ਵਲੋਂ ਤਿਆਰ ਏਜੰਡੇ ਤਹਿਤ ਆਉਣ ਵਾਲੇ ਕੁੱਝ ਦਿਨਾਂ ਤੱਕ ਜਲਦੀ ਹੀ ਕੈਬਨਿਟ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ, ਦੂਸਰੀਆਂ ਮੰਗਾਂ ਜਿਵੇਂ ਡਾਟਾ ਐਂਟਰੀ ਆਪਰੇਟਰ, ਐਡਵਾਂਸ ਬੁਕਿੰਗ ਆਦਿ ਦੀ ਤਨਖਾਹ ਜਲਦੀ ਵਧਾਉਣ ਬਾਰੇ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦਿਆਂ ਹੋਇਆਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਕੇ ਭਲਕੇ, 16 ਦਸੰਬਰ ਤੋਂ ਬੱਸਾਂ ਨੂੰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।