ਚੰਡੀਗੜ੍ਹ : ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵਲੋਂ ਆਪਣੀ ਸਰਵਿਸ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ 27 ਬੱਸ ਸਟੈਂਡਾਂ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਭਗ 4 ਘੰਟਿਆਂ ਲਈ ਸਵੇਰੇ ੧੦ ਤੋਂ 2 ਵਜੇ ਤੱਕ ਬੱਸ ਸਟੈਂਡ ਨੂੰ ਮੁਕੰਮਲ ਤੌਰ ਤੇ ਬੰਦ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਮੁਲਾਜ਼ਮਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਚੋਣਾਂ ਦੌਰਾਨ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਾ ਕਰਕੇ ਪੰਜਾਬੀਆਂ ਦੀ ਪਿੱਠ ਚ ਛੁਰਾ ਮਾਰਨ ਵਾਲਾ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੋ ਘਰ-ਘਰ ਨੋਕਰੀ ਦੇਣ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਸਰਾਸਰ ਝੂਠ ਦਾ ਪੁਲੰਦਾ ਹੈ ਤੇ ਇਸ ਤੋਂ ਵੱਧ ਕੁਝ ਵੀ ਨਹੀਂ। ਉਨ੍ਹਾਂ ਦੱਸਿਆ ਕਿ ਕੱਲ੍ਹ ਉਹ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਸਿਸਵਾਂ ਫਾਰਮ ਦਾ ਘਿਰਾਓ ਕਰਨਗੇ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ।