ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਵਪਾਰ ਵਿੰਗ ਦਾ ਐਲਾਨ ਕਰ ਦਿੱਤਾ ਹੈ। ਅਨਿਲ ਠਾਕੁਰ ਨੂੰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ 10 ਹੋਰ ਸੂਬਾ ਸਕੱਤਰ ਨਿਯੁਕਤ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਵਪਾਰ ਵਿੰਗ ਪ੍ਰਧਾਨਾਂ ਦਾ ਵੀ ਐਲਾਨ ਕੀਤਾ ਗਿਆ ਹੈ।
ਇਹ ਕਦਮ ‘ਆਪ’ ਵਲੋਂ 2027 ਦੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ। ਪਾਰਟੀ ਨੇ ਸੰਸਥਾ ਨੂੰ ਮਜ਼ਬੂਤ ਕਰਨ ਲਈ ਪਿਛਲੇ ਕੁਝ ਸਮੇਂ ਦੌਰਾਨ ਕਈ ਵਿਭਾਗਾਂ ਦੇ ਚੇਅਰਮੈਨ ਤੇ ਡਾਇਰੈਕਟਰ ਨਿਯੁਕਤ ਕੀਤੇ ਸਨ। ਉਨ੍ਹਾਂ ਤੋਂ ਬਾਅਦ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ। ਹੁਣ ਵਪਾਰ ਵਿੰਗ ਨੂੰ ਵੀ ਮਜ਼ਬੂਤ ਕਰਕੇ ਵਪਾਰੀ ਵਰਗ ਨਾਲ ਪਾਰਟੀ ਦੇ ਸੰਪਰਕ ਨੂੰ ਵਧਾਉਣ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ। AAP ਦੀ ਕੋਸ਼ਿਸ਼ ਹੈ ਕਿ ਵਪਾਰੀ ਵਰਗ ਵਿਚ ਆਪਣੀ ਜ਼ਮੀਨ ਮਜ਼ਬੂਤ ਕੀਤੀ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਪਾਰਟੀ ਢਾਂਚਾ ਪੂਰੀ ਤਰ੍ਹਾਂ ਤਿਆਰ ਹੋ ਜਾਵੇ। ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਫਾਇਦਾ ਹੋ ਸਕੇ।