ਬਾਘਾਪੁਰਾਣਾ: ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਪੰਜਾਬ ਦੇ ਆੜ੍ਹਤੀਆਂ ‘ਤੇ ਇਨਕਮ ਟੈਕਸ ਵੱਲੋਂ ਕੀਤੀ ਗਈ ਛਾਪੇਮਾਰੀ ਦਾ ਫੈੱਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਵਿਰੋਧ ਜਤਾਇਆ ਗਿਆ। ਜਿਸ ਨੂੰ ਲੈ ਕੇ ਫੈੱਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੀ ਬਾਘਾ ਪੁਰਾਣਾ ਵਿੱਚ ਸੂਬਾ ਪੱਧਰੀ ਮੀਟਿੰਗ ਹੋਈ ਅਤੇ ਫ਼ੈਸਲਾ ਕੀਤਾ ਗਿਆ ਕਿ ਰੋਸ ਵਜੋਂ 22 ਤੋਂ 25 ਦਸੰਬਰ ਤਕ ਮੰਡੀਆਂ ਨੂੰ ਬੰਦ ਰੱਖਿਆ ਜਾਵੇਗਾ।
ਇਸ ਦੌਰਾਨ ਪੰਜਾਬ ਦੀਆਂ ਸਾਰੀਆਂ ਮੰਡੀਆਂ ਦਾ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਨ ਉਪਰੰਤ ਛਾਪੇਮਾਰੀ ਕਰਨ ਵਾਲੇ ਇਨਕਮ ਟੈਕਸ ਅਧਿਕਾਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਵੀ ਕੀਤਾ ਜਾਵੇਗਾ।
ਆੜ੍ਹਤੀਆ ਐਸੋਸੀਏਸ਼ਨ ਨੇ ਇਲਜ਼ਾਮ ਲਗਾਏ ਕਿ ਕਿਸਾਨਾਂ ਦਾ ਸਾਥ ਦੇਣ ਤੋਂ ਰੋਕਣ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਹੀ ਇਨਕਮ ਟੈਕਸ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਆੜ੍ਹਤੀਆ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਸਮੇਤ ਰਾਜਪੁਰਾ ਦੇ ਕਈ ਆੜ੍ਹਤੀਆਂ ‘ਤੇ ਇਨਕਮ ਟੈਕਸ ਵੱਲੋਂ ਰੇਡ ਕੀਤੀ ਗਈ ਸੀ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ ਵੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਦੇ ਠਿਕਾਣਿਆਂ ਅਤੇ ਘਰ ਵਿੱਚ ਇਨਕਮ ਟੈਕਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕਿਸਾਨਾਂ ਦੇ ਅੰਦੋਲਨ ਨੂੰ ਸਾਥ ਦੇਣ ਦੇ ਲਈ ਪੰਜਾਬ ਭਰ ਚੋਂ ਆਡ਼੍ਹਤੀਆਂ ਦੀਆਂ ਗੱਡੀਆਂ ਅਤੇ ਵੱਡੀ ਗਿਣਤੀ ਵਿੱਚ ਰਾਸ਼ਨ ਦਿੱਲੀ ਨੂੰ ਭੇਜਿਆ ਗਿਆ ਸੀ। ਇਸ ਤੋਂ ਬਾਅਦ ਹੀ ਇਨਕਮ ਟੈਕਸ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ।