ਜਲੰਧਰ: ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਫਸਲਾਂ ‘ਤੇ ਐੱਮਐੱਸਪੀ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ 113 ਫਸਲਾਂ ‘ਤੇ ਐੱਮਐੱਸਪੀ ਦੇਵੇਗੀ। ਨਾਭਾ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੇ ਮੱਦੇਨਜ਼ਰ ਕੇਂਦਰ ਨੂੰ ਬਿਨਾਂ ਦੇਰੀ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਐਮ.ਐਸ.ਪੀ. ਦੇਣ ਦਾ ਐਲਾਨ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਵੱਲੋਂ 113 ਫਸਲਾਂ ‘ਤੇ ਐਮ.ਐਸ.ਪੀ. ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਵਾਜਬ ਮੰਗ ਵੱਲ ਕੇਂਦਰ ਨੂੰ ਪੂਰੀ ਸੁਹਿਰਦਤਾ ਨਾਲ ਧਿਆਨ ਦੇ ਕੇ ਤੁਰੰਤ ਐਮ.ਐਸ.ਪੀ. ਦਾ ਐਲਾਨ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ 157 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 122 ਹੋਰ ਅਜਿਹੇ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਜਲਦ ਨਿਯੁਕਤੀ ਪੱਤਰ ਦੇਣ ਲਈ ਕਾਰਵਾਈ ਵੱਡੇ ਪੱਧਰ ‘ਤੇ ਜਾਰੀ ਹੈ।