ਚੰਡੀਗੜ੍ਹ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਵਿਦਿਆਰਥੀ ਸੰਗਠਨ ਐੱਨ.ਐੱਸ.ਯੂ.ਆਈ. ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੇ ਯੂਨੀਵਰਸਿਟੀ ਗਰਾਂਟ ਕਮਿਸ਼ਨ (ਯੂ.ਜੀ.ਸੀ.) ਦੀਆਂ ਹਦਾਇਤਾਂ ਅਨੁਸਾਰ ਯੂਨੀਵਰਸਿਟੀ ਅਤੇ ਉੱਚ ਵਿੱਦਿਅਕ ਸੰਸਥਾਵਾਂ ਦੀਆਂ ਸਲਾਨਾਂ ਪ੍ਰੀਖਿਆਵਾਂ ਸਤੰਬਰ, 2020 ਦੇ ਅੰਤ ਤੱਕ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਯੂਨੀਵਰਸਿਟੀ ਅਤੇ ਉਸ ਦੇ ਅਧੀਨ ਆਉਂਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਸ ਦਾ ਵਿਰੋਧ ਕੀਤਾ ਸੀ ਜਦ ਕਿ ਪੰਜਾਬ ਯੂਨੀਵਰਸਿਟੀ ਇਹ ਪ੍ਰੀਖਿਆਵਾਂ ਕਰਵਾਉਣ ਦੇ ਹੱਕ ‘ਚ ਸੀ।
ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ। ਮਾਨਯੋਗ ਹਾਈ ਕੋਰਟ ਨੇ ਕੇਂਦਰ ਸਰਕਾਰ, ਯੂ.ਜੀ.ਸੀ. ਅਤੇ ਪੰਜਾਬ ਯੂਨੀਵਰਸਿਟੀ ਨੂੰ ਅਗਲੀ ਸੁਣਵਾਈ ਤੱਕ ਜਵਾਬ ਦਾਇਰ ਕਰਨ ਦੇੇ ਆਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਕਾਂਗਰਸ ਦੇ ਵਿਦਿਆਰਥੀ ਸੰਗਠਨ ਐੱਨ.ਐੱਸ.ਯੂ.ਆਈ. ਦੇ ਸਟੇਟ ਵਾਈਸ ਪ੍ਰੈਜ਼ੀਡੈਂਟ ਸ਼ੁਭ ਸੇਖੋਂ ਨੇ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਮਾਨਯੋਗ ਹਾਈ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਜੇਕਰ ਇਸ ਸਮੇਂ ਦੌਰਾਨ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੁੰਦੀਆਂ ਹਨ ਤਾਂ ਬਹੁਤ ਸਾਰੇ ਵਿਦਿਆਰਥੀ ਕੋਰੋਨਾ ਮਹਾਂਮਾਰੀ ਦੀ ਲਪੇਟ ‘ਚ ਆ ਸਕਦੇ ਹਨ।