ਵਿਧਾਨ ਸਭਾ ‘ਚ NEET ਵਿਦਿਆਰਥੀਆਂ ਦੇ ਹੱਕ ‘ਚ ਇਕਜੁੱਟਤਾ, ਲਾਠੀਚਾਰਜ ਖ਼ਿਲਾਫ਼ ਨਿੰਦਾ ਮਤਾ

Global Team
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਨਵੇਂ ਸੈਸ਼ਨ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਨੀਟ (NEET) ਪ੍ਰੀਖਿਆ ਪੇਪਰ ਲੀਕ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦਾ ਮੁੱਦਾ ਭਖ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਕੇਂਦਰ ਦੀ ਭਾਰਤੀ ਜਨਤਾ ਪਾਰਟੀ (BJP) ਸਰਕਾਰ ਅਤੇ ਦਿੱਲੀ ਪੁਲਿਸ ਦੇ ਰਵਈਏ ਖ਼ਿਲਾਫ਼ ਇੱਕ ਸਖ਼ਤ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੂਰਨ ਸਮਰਥਨ ਕੀਤਾ।

ਵਿਧਾਨ ਸਭਾ ਵਿੱਚ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੇ ਸ਼ਾਸਨਕਾਲ ਵਿੱਚ ਸਾਡੇ ਦੇਸ਼ ਦੇ ਬੱਚੇ ਅਤੇ ਭਵਿੱਖ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਨੇ ਆਖਿਆ ਕਿ ਦੇਸ਼ ਦਾ ਯੂਥ ਅਤੇ ਵਿਦਿਆਰਥੀ ਆਪਣੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਕਰਨ ਦੀ ਬਜਾਏ ਉਨ੍ਹਾਂ ‘ਤੇ ਜਬਰ ਢਾਹਿਆ ਜਾ ਰਹਾ ਹੈ।

ਚੀਮਾ ਨੇ ਕਿਹਾ, “ਜਦੋਂ ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਨੇ ਆਪਣੇ ਹੱਕ ਅਤੇ ਇਨਸਾਫ਼ ਮੰਗਿਆ, ਤਾਂ ਉਨ੍ਹਾਂ ਨੂੰ ਦਿੱਲੀ ਪੁਲਿਸ ਵੱਲੋਂ ਭਾਰੀ ਲਾਠੀਚਾਰਜ, ਪੈਲੇਟ ਗਨ ਅਤੇ ਇੱਥੋਂ ਤੱਕ ਕਿ AK-47 ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਿਆ।” ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦਰਸ਼ਨ ਵਾਲੀ ਥਾਂ ਤੋਂ AK-47 ਦੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਗੱਲ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਚੀਮਾ ਨੇ ਦੱਸਿਆ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਵਿਦਿਆਰਥੀਆਂ ਉੱਤੇ ਦਿੱਲੀ ਪੁਲਿਸ ਵੱਲੋਂ ਬੇਰਹਮੀ ਨਾਲ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਨਾਬਾਲਗ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰ ਦਿੱਤੇ ਗਏ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਪਲੇਟਫਾਰਮ ਤੋਂ ਮੰਗ ਕੀਤੀ ਕਿ, ਨਾਬਾਲਗ ਅਤੇ ਹੋਰ ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ। ਗ੍ਰਿਫ਼ਤਾਰ ਕੀਤੇ ਗਏ ਸਮੂਹ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।

Share This Article
Leave a Comment