ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ, ਪਰ ਪਹਿਲੇ ਹੀ ਦਿਨ ਸਦਨ ਦੀ ਕਾਰਵਾਈ ਸਿਰਫ਼ 9 ਮਿੰਟ 6 ਸਕਿੰਟ ਹੀ ਚੱਲੀ। ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਕਈ ਸ਼ਖ਼ਸੀਅਤਾਂ ਨੂੰ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਮੁਲਤਵੀ ਕਰ ਦਿੱਤੀ ਗਈ। ਦੂਜੇ ਪਾਸੇ, ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ।
ਝੋਟਾ ਅਤੇ ਸੜਕ ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਨੂੰ ਸ਼ਰਧਾਂਜਲੀ
ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦੀ ਮੌਤ ਦੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਗਿਆ।
ਇਸ ਤੋਂ ਇਲਾਵਾ ਸੰਗਰੂਰ ਵਿੱਚ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਮਨਰੇਗਾ ਦੇ ਅੱਠ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਦਨ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਸ਼ਰਧਾਂਜਲੀਆਂ ਤੋਂ ਬਾਅਦ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਮੁਲਤਵੀ ਕਰ ਦਿੱਤੀ ਗਈ।
ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦਾ ਅਸਰ ਲੋਕਾਂ ਦੀ ਜ਼ਿੰਦਗੀ ’ਤੇ ਗੰਭੀਰ ਰੂਪ ਵਿੱਚ ਪੈ ਰਿਹਾ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਵੀ ਆਪਣੀ ਜਾਨ ਗੁਆਉਣੀ ਪੈ ਰਹੀ ਹੈ।
ਇਸ ਦੌਰਾਨ ਲਵਪ੍ਰੀਤ ਦੇ ਪਰਿਵਾਰਕ ਮੈਂਬਰ ਵੀ ਵਿਧਾਨ ਸਭਾ ਦੇ ਬਾਹਰ ਪਹੁੰਚੇ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਉੱਥੋਂ ਹਟਾ ਦਿੱਤਾ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਭਾਜਪਾ ਆਗੂ ਵਿਧਾਨ ਸਭਾ ਆਉਂਦੇ ਰਹਿਣਗੇ।

