ਅੱਜ ਪੰਜਾਬ ਬੰਦ, 7 ਘੰਟੇ ਜਾਮ ਰਹਿਣਗੇ ਹਾਈਵੇਅ ਅਤੇ ਰੇਲਵੇ ਟਰੈਕ

Global Team
4 Min Read

ਚੰਡੀਗੜ੍ਹ: ਅੱਜ (21 ਅਗਸਤ) ਕੌਮੀ ਇੰਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਮੋਰਚਾ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰ ਰਿਹਾ ਹੈ।

ਅੱਜ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਮੋਹਾਲੀ ‘ਚ ਅਸਰ ਦਿਖਾਈ ਦੇਣ ਲੱਗਿਆ ਹੈ। ਸਵੇਰੇ ਰੋਜ਼ਾਨਾ ਵਾਂਗ ਆਮ ਜਨਜੀਵਨ ਸ਼ੁਰੂ ਹੋਣ ਦੇ ਬਾਵਜੂਦ ਕਈ ਥਾਵਾਂ ’ਤੇ ਬੰਦ ਦਾ ਪ੍ਰਭਾਵ ਨਜ਼ਰ ਆਇਆ। ਜ਼ਿਲ੍ਹੇ ਦੇ ਵਧੇਰੇ ਨਿੱਜੀ ਸਕੂਲਾਂ ਵੱਲੋਂ ਪਹਿਲਾਂ ਹੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਬਾਜ਼ਾਰਾਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਜਨਤਕ ਆਵਾਜਾਈ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।

ਕੌਮੀ ਇਨਸਾਫ਼ ਮੋਰਚਾ ਵੱਲੋਂ ਸਿੱਖ ਸੰਗਠਨਾਂ ਅਤੇ ਕਿਸਾਨ ਸੰਗਠਨਾਂ ਦੇ ਸਹਿਯੋਗ ਨਾਲ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਅੱਜ ਸੂਬੇ ਭਰ ਵਿੱਚ ਸਫਲ ਹੁੰਦਾ ਦਿਖਾਈ ਦੇ ਰਿਹਾ ਹੈ। ਬੰਦ ਦਾ ਪ੍ਰਭਾਵ ਸੜਕਾਂ ਤੋਂ ਲੈ ਕੇ ਬਾਜ਼ਾਰਾਂ ਅਤੇ ਵਿਦਿਅਕ ਸੰਸਥਾਵਾਂ ਤੱਕ ਸਾਫ਼ ਦਿਖਾਈ ਦੇ ਰਿਹਾ ਹੈ। ਕਈ ਥਾਵਾਂ ‘ਤੇ ਦੁਕਾਨਾਂ ਬੰਦ ਹਨ, ਜਦੋਂ ਕਿ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਹੈ।

ਮੋਹਾਲੀ-ਚੰਡੀਗੜ੍ਹ ਦੇ 5 ਅਹਿਮ ਬਾਰਡਰ ਪੁਆਇੰਟ ਬੰਦ

ਪੁਲਿਸ ਪ੍ਰਸ਼ਾਸਨ ਨੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਜਾਂ ਅਣਸੁਖਾਵੀਂ ਸਥਿਤੀ ਨੂੰ ਰੋਕਣ ਲਈ ਮੋਹਾਲੀ ਅਤੇ ਚੰਡੀਗੜ੍ਹ ਨੂੰ ਜੋੜਨ ਵਾਲੇ 5 ਅਹਿਮ ਬਾਰਡਰ ਪੁਆਇੰਟਾਂ ਨੂੰ ਬੰਦ ਰੱਖਣ ਦੀ ਪੂਰੀ ਤਿਆਰੀ ਕਰ ਲਈ ਹੈ। ਪ੍ਰਦਰਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਪੁਲਿਸ ਬਲ ਦੇ ਨਾਲ-ਨਾਲ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੂਰੇ ਧਰਨਾ ਸਥਾਨ ਅਤੇ ਆਸਪਾਸ ਦੇ ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਦਰਸ਼ਨ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਮੋਹਾਲੀ ਤੋਂ ਚੰਡੀਗੜ੍ਹ ਰੋਜ਼ਾਨਾ ਦਫ਼ਤਰ ਜਾਣ ਵਾਲੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਅੱਜ ਬਦਲਵੇਂ ਰੂਟਾਂ (ਵਿਕਲਪਿਕ ਮਾਰਗਾਂ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਮੋਰਚੇ ਦੇ ਆਗੂਆਂ ਅਨੁਸਾਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਭਰ ਦੇ ਮੁੱਖ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਜ਼ਿਲ੍ਹਾ ਪੱਧਰੀ ਸੰਪਰਕ ਸੜਕਾਂ ‘ਤੇ ਆਵਾਜਾਈ ਮੁਕੰਮਲ ਤੌਰ ‘ਤੇ ਰੋਕੀ ਜਾਵੇਗੀ। ਕਈ ਸੰਵੇਦਨਸ਼ੀਲ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੜਕਾਂ ਅਤੇ ਰੇਲਵੇ ਟਰੈਕਾਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ। ਇਸ ਕਾਰਨ ਸਰਕਾਰੀ ਤੇ ਨਿੱਜੀ ਬੱਸਾਂ, ਆਟੋ, ਟੈਕਸੀ ਅਤੇ ਨਿੱਜੀ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ, ਜਦਕਿ ਰੇਲ ਗੱਡੀਆਂ ਦੇ ਸੰਚਾਲਨ ‘ਤੇ ਵੀ ਇਸ ਦਾ ਅਸਰ ਪੈਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਨ੍ਹਾਂ ਮੁੱਖ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਬੰਦ ਦਾ ਸੱਦਾ

ਕੌਮੀ ਇਨਸਾਫ਼ ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ:

ਅਦਾਲਤਾਂ ਵੱਲੋਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ।

ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।

ਬੀਤੀ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦਾ ਵਿਰੋਧ ਅਤੇ ਉਸ ਦਿਨ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।

ਬੰਦ ਨੂੰ ਕਿਸ-ਕਿਸ ਦਾ ਸਮਰਥਨ ਹੈ?

ਇਸ ਬੰਦ ਨੂੰ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.), ਸ਼ਿਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖਾਲਸਾ, ਹਵਾਰਾ ਕਮੇਟੀ ਤੋਂ ਇਲਾਵਾ ਵੱਖ-ਵੱਖ ਪੰਥਕ ਸੰਗਠਨਾਂ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਦਾ ਸਮਰਥਨ ਵੀ ਪ੍ਰਾਪਤ ਹੈ।
Share This Article
Leave a Comment