ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ, ਸੜਕ ਤੇ ਰੇਲ ਆਵਾਜਾਈ ਹੋਵੇਗੀ ਪ੍ਰਭਾਵਿਤ

Global Team
3 Min Read

ਚੰਡੀਗੜ੍ਹ: ਅੱਜ ਪੰਜਾਬ ਬੰਦ ਰਹੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਨੇ ਮੰਗਾਂ ਦੇ ਹੱਕ ਵਿੱਚ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਰਗ ਦਾ ਸਮਰਥਨ ਹਾਸਿਲ ਹੈ। ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਰੇਲ ਅਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ। ਬੱਸ ਸੇਵਾਵਾਂ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ। ਕਿਸਾਨਾਂ ਅਤੇ ਦੁੱਧ ਵਾਲਿਆਂ ਨੇ ਵੀ ਬੰਦ ਦੇ ਸਮਰਥਨ ਵਿੱਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਹਾਲਾਂਕਿ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਕਿਸੇ ਵੀ ਐਮਰਜੈਂਸੀ ਸੇਵਾਵਾਂ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ। ਬੰਦ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਵੀ ਕਿਸਾਨਾਂ ਦੀ ਹੜਤਾਲ ਦੇ ਸਮਰਥਨ ਵਿੱਚ ਆਪਣੇ ਦਫ਼ਤਰਾਂ ਅਤੇ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਉਨ੍ਹਾਂ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ 34 ਦਿਨਾਂ ਵਿੱਚ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਨਾ ਹੀ ਗੱਲਬਾਤ ਦਾ ਕੋਈ ਯਤਨ ਕੀਤਾ।

ਜਗਜੀਤ ਸਿੰਘ ਡੱਲੇਵਾਲ ਦੇ ਮ.ਰਨ ਵਰਤ ਨੂੰ 34 ਦਿਨ ਹੋ ਗਏ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਲਿਜਾਣ ਦੀ ਲੋੜ ਹੈ। ਦੂਜੇ ਪਾਸੇ ਕਿਸਾਨ ਆਗੂਆਂ ਸੁਰਜੀਤ ਸਿੰਘ ਫੂਲ, ਕਾਕਾ ਸਿੰਘ ਕੋਟੜਾ ਨੇ ਡੱਲੇਵਾਲ ਨੂੰ ਪ੍ਰਸ਼ਾਸਨ ਵੱਲੋਂ ਕਿਸੇ ਵੇਲੇ ਵੀ ਜਬਰੀ ਚੁੱਕ ਲਏ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment