ਪੰਜਾਬ ਦਾ ਬਜਟ ਪਹਿਲੀ ਵਾਰ 2 ਲੱਖ ਕਰੋੜ ਤੋਂ ਪਾਰ; ਹੋਏ ਕਈ ਵੱਡੇ ਐਲਾਨ, ਨਹੀਂ ਜੋੜਿਆ ਕੋਈ ਨਵਾਂ ਟੈਕਸ

Prabhjot Kaur
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਪਾਰ ਗਿਆ ਹੈ। ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜ਼ੇ ਦਾ ਮੁੱਦਾ ਚੁੱਕਿਆ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਵਿਧਾਇਕ ਕੋਟਲੀ ਬਾਰੇ ਕਹੇ ਸ਼ਬਦਾਂ ਦੀ ਨਿਖੇਧੀ ਕੀਤੀ।

ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਇਸ ਤੋਂ ਇਲਾਵਾ ਸੀ.ਐਮ.ਭਗਵੰਤ ਮਾਨ ਨੇ ਖੇਤਾਂ ਅਤੇ ਘਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਖਾਸ ਗੱਲ ਇਹ ਹੈ ਕਿ ਇਸ ਸਾਲ ‘ਆਪ’ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਜੋੜਿਆ ਹੈ।

ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ, ਜੋ ਕਿ ਲਗਭਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਅਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment