ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੁੱਧ ਰੋਸ ਵਿਖਾਵਾ ਕੀਤਾ।
ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ ਮੁੱਖ ਗੇਟ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ਵਿਚ ਨਾਅਰਿਆਂ ਵਾਲੀਆਂ ਤਖ਼ਤੀਆਂ ਲੈ ਕੇ ਧਰਨੇ ‘ਤੇ ਬੈਠ ਗਏ । ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਦੇ ਵਿੱਚ ਵੀ ਹਰ ਤਰ੍ਹਾਂ ਦਾ ਮਾਫ਼ੀਆ ਪ੍ਰਫ਼ੁੱਲਤ ਹੋ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਸਰਕਾਰ ਦੀ ਕਾਰਗੁਜਾਰੀ ਤੋਂ ਹਰ ਵਰਗ ਦੇ ਲੋਕ ਦੁਖੀ ਹਨ ।
ਅਕਾਲੀ ਦਲ ਦੇ ਵਿਧਾਇਕਾਂ ਨੇ ਵੀ ਵਿਧਾਨ ਸਭਾ ਦੇ ਬਾਹਰ ਬੇਰੁਜ਼ਗਾਰੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ।ਅਕਾਲੀ ਦਲ ਦੇ ਵਿਧਾਇਕ ਕੁਝ ਅਜਿਹੇ ਬੇਰੁਜ਼ਗਾਰਾਂ ਨੂੰ ਵੀ ਨਾਲ ਲੈ ਕੇ ਆਏ ਸਨ ਜਿਨ੍ਹਾਂ ਨੇ ਕਈ ਸਾਲ ਤੋਂ ਬੇਰੁਜ਼ਗਾਰੀ ਹੰਢਾਈ ਹੈ।