ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਵੇਗਾ ਤੇ 28 ਫਰਵਰੀ ਤੱਕ ਚੱਲੇਗਾ। ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਸਦਨ ਦੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਵਜ਼ਾਰਤ ਨੇ ਸੂਬੇ ਵਿਚ ਆਨਲਾਈਨ ਲਾਟਰੀਆਂ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ ਹੈ। ਵਜ਼ਾਰਤ ਮੁਤਾਬਕ ਇਸ ਨਾਲ ਨਾ ਸਿਰਫ਼ ਸੂਬੇ ਵਿੱਚ ਅਣਅਧਿਕਾਰਤ ਲਾਟਰੀਆਂ ਦੇ ਵਪਾਰ ਨੂੰ ਠੱਲ੍ਹ ਪਵੇਗੀ ਸਗੋਂ ਸਰਕਾਰ ਦੇ ਟੈਕਸ ਅਤੇ ਗੈਰ-ਟੈਕਸ ਮਾਲੀਏ ਵਿੱਚ ਵੀ ਵਾਧਾ ਹੋਵੇਗਾ।
ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਬਜਟ ਸੈਸ਼ਨ 20 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪੰਜਾਬੀ ਭਾਸ਼ਾ ਨਾਲ ਸਬੰਧਤ ਬਿੱਲ ਪੇਸ਼ ਕੀਤਾ ਜਾਵੇਗਾ।
24 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਅਤੇ ਬਹਿਸ ਦਾ ਮਤਾ ਪੇਸ਼ ਕੀਤਾ ਜਾਵੇਗਾ। ਬਾਅਦ ਦੁਪਹਿਰ ਦੋ ਵਜੇ ਭਾਸ਼ਣ ’ਤੇ ਬਹਿਸ ਮੁੜ ਸ਼ੁਰੂ ਹੋਵੇਗੀ ਜੋ ਸਮਾਪਤ ਹੋਣ ਤੱਕ ਜਾਰੀ ਰਹੇਗੀ। ਸਾਲ 2018-19 ਲਈ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਅਤੇ ਸਾਲ 2018-19 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2018-19 ਲਈ ਨਮਿੱਤਣ ਲੇਖੇ 25 ਫਰਵਰੀ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣਗੇ।
ਵਜ਼ਾਰਤ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਇੰਜਨੀਅਰਿੰਗ ਵਿੰਗ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਪੁਨਰਗਠਨ ਯੋਜਨਾ ਤਹਿਤ ਸਿੱਧੀ ਭਰਤੀ ਦੀਆਂ ਖਾਲੀ ਪਈਆਂ ਅਸਾਮੀਆਂ ਅਤੇ ਮੁੜ ਬਣਤਰ ਦੇ ਨਤੀਜੇ ਵਜੋਂ ਖਾਲੀ ਹੋਣ ਵਾਲੀਆਂ ਆਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।