ਮੰਤਰੀ ਮੰਡਲ ਵੱਲੋਂ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਸਰਕਾਰੀ ਮੈਡੀਕਲ ਕਾਲਜਾਂ ਦਾ ਨਾਂ ਬਦਲਣ ਦੀ ਪ੍ਰਵਾਨਗੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਮੈਡੀਕਲ ਕਾਲਜ, ਕਪੂਰਥਲਾ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਤੇ ਸਰਕਾਰੀ ਮੈਡੀਕਲ ਕਾਲਜ, ਹੁਸ਼ਿਆਰਪੁਰ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ ਸੁਸਾਇਟੀ, ਕਪੂਰਥਲਾ ਅਤੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਹੁਸ਼ਿਆਰਪੁਰ ਦੀ ਰਜਿਸਟ੍ਰੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਮੈਮੋਰੰਡਮ ਆਫ ਐਸੋਸੀਏਸ਼ਨ ਅਤੇ ਰੂਲਜ਼ ਐਂਡ ਰੈਗੂਲੇਸ਼ਨ ਆਫ ਸੁਸਾਇਟੀ ਦੇ ਮੁਤਾਬਕ ਇਨ੍ਹਾਂ ਮੈਡੀਕਲ ਸੰਸਥਾਵਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਇਆ ਜਾ ਸਕੇ।

ਇਹ ਜ਼ਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਾ ਮੰਨਣ ਹੈ ਕਿ ਨਵੇਂ ਸਥਾਪਤ ਹੋਣ ਵਾਲੇ ਮੈਡੀਕਲ ਸਾਇੰਸਜ਼ ਇੰਸਟੀਚਿਊਟਜ਼ ਦੇ ਬਿਹਤਰ ਪ੍ਰਬੰਧਨ ਲਈ ਇਨ੍ਹਾਂ ਨੂੰ ਸੁਸਾਇਟੀ ਅਧੀਨ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸੂਬਾ ਸਰਕਾਰ ਨੂੰ ਦਰਪੇਸ਼ ਮਾਲੀ ਸੰਕਟ ਕਾਰਨ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਸਰਕਾਰੀ ਮੈਡੀਕਲ ਕਾਲਜਾਂ ਨੂੰ ਚਲਾਉਣ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Share This Article
Leave a Comment