ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਭਲਕੇ ਯਾਨੀ 9 ਜਨਵਰੀ ਸ਼ਾਮ 4 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ। ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਂਆਂ ਸਰਕਾਰੀ ਨੀਤੀਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਵਿਚ ਸਾਰੇ ਹੀ ਮੰਤਰੀ ਮੌਜੂਦ ਰਹਿਣਗੇ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸੂਬਾ ਸਰਕਾਰ ਆਏ ਦਿਨ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਸੂਬੇ ਦੀ ਅਮਨ – ਸ਼ਾਂਤੀ ਦੇ ਨਾਲ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਵੀ ਹਰ ਠੋਸ ਕਦਮ ਚੁੱਕ ਰਹੀ ਹੈ। ਬੀਤੇ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ‘ਆਪ’ ਮੁਖੀ ਨੇ ਪਹਿਲੇ ਪੜਾਅ ਦੇ ਠੋਸ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕੀਤੀ, ਸਜ਼ਾ ਦਰ ਵਧਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦੀ ਸ਼ਮੂਲੀਅਤ ਵਧੀ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਨਹੀਂ ਹੋ ਜਾਂਦਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

