ਚੰਡੀਗੜ੍ਹ: ਇਕ ਪਾਸੇ ਕਿਸਾਨ ਅੰਦੋਲਨ ਕਰ ਰਹੇ ਹਨ ਤਾਂ ਦੂਸਰੇ ਪਾਸੇ ਪੰਜਾਬ ਕੈਬਨਿਟ ਦੀ ਅੱਜ ਦੁਪਹਿਰ ਤਿੰਨ ਵਜੇ ਮੀਟਿੰਗ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕੈਬਨਿਟ ਬੁਲਾਈ ਗਈ ਹੈ। ਜਿਸ ਵਿੱਚ ਕਿਸਾਨਾਂ ਦੇ ਅੰਦੋਲਨ ‘ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਕਰੀਬ 66.05 ਕਰੋੜ ਰੁਪਏ ਦੇ ਮੋਟਰ ਵਹੀਕਲ ਟੈਕਸ ‘ਚ ਛੋਟ ਦਿੱਤੀ ਜਾਵੇਗੀ, ਜਿਸ ਨੂੰ ਅੱਜ ਮੰਤਰੀ ਮੰਡਲ ਦੀ ਮੀਟਿੰਗ ਚ ਹਰੀ ਝੰਡੀ ਦੇਣ ਦੀ ਸੰਭਾਵਨਾ ਹੈ। ਕੋਰੋਨਾ ਵਾਇਰਸ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਸਮੇਤ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਵਿੱਚ ਛੋਟ ਦਿੱਤੇ ਜਾਣ ਦਾ ਫ਼ੈਸਲਾ ਸਰਕਾਰ ਨੇ ਪਹਿਲਾਂ ਹੀ ਲੈ ਲਿਆ ਸੀ।
ਟਰਾਂਸਪੋਰਟ ਵਿਭਾਗ ਵੱਲੋਂ 20 ਮਈ 2020 ਤੋਂ 31 ਦਸੰਬਰ 2020 ਤੱਕ ਦਾ 100 ਫ਼ੀਸਦ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ। ਜਿਸ ਨਾਲ ਸਰਕਾਰ ਨੂੰ ਕਰੀਬ 66.05 ਕਰੋੜ ਰੁਪਏ ਦਾ ਵਿੱਤੀ ਘਾਟਾ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੁਹਾਲੀ ਵਿੱਚ ਨਵੀਂ ਬਣਾਈ ਜਾਣ ਵਾਲੀ ਪ੍ਰਾਈਵੇਟ ਯੂਨੀਵਰਸਿਟੀ ਵਾਰੇ ਵੀ ਮੀਟਿੰਗ ਵਿੱਚ ਆਰਡੀਨੈਂਸ ਲਿਆਂਦਾ ਜਾ ਸਕਦਾ ਹੈ। ਪ੍ਰਾਈਵੇਟ ਸੈਕਟਰ ਦੀ ਐਮਿਟੀ ਯੂਨੀਵਰਸਿਟੀ ਨੂੰ ਸੈਕਟਰ 82 ਵਿੱਚ ਬਣਾਏ ਜਾਣ ਦੀ ਤਜਵੀਜ਼ ਹੈ।