ਪੰਜਾਬ ਮੰਤਰੀ ਮੰਡਲ ਨੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਸਿਫਾਰਿਸ਼

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਰਾਜ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇੱਕ ਸੰਵਿਧਾਨਕ ਲੋੜ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।

ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਨਦੇਹੀ ਨਾਲ ਲਾਗੂ ਕਰੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ‘ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

Share This Article
Leave a Comment