ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ।
ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।