ਮੁੱਖ ਮੰਤਰੀ ਚੰਨੀ ਨੇ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ‘ਚ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

TeamGlobalPunjab
2 Min Read

ਰੂਪਨਗਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਵਿੱਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਇਆ ਜਾਵੇਗਾ।

ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਯਾਦ ਵਿੱਚ ਸਟੇਡੀਅਮ ਬਣਾਉਣ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਵੀ ਦਿੱਤੀ ਹੈ। ਉਨ੍ਹਾਂ ਨੇ ਰੋਡਮਾਜਰਾ ਅਤੇ ਚੱਕਲਾਂ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ 45.81 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਪਾਣੀ ਦੀ ਟੈਂਕੀ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਹੋਵੇਗਾ ਜਿਨ੍ਹਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ। ਉਨ੍ਹਾਂ ਇਹ ਵੀ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਾਲੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ।

ਚੰਨੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੇ ਸ਼ਹਿਰਾਂ ਵਿਚ ਵਧੀਆ ਪਾਰਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸ਼ਹਿਰਾਂ ਅਤੇ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੰਮ ਦਾ ਸਮਾਨ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਸਟੇਡੀਆਮ ਬਣਾਏ ਜਾ ਰਹੇ ਹਨ, ਜਿੰਨਾਂ ਲਈ ਰੋਡਮਾਜਾਰਾ ਪਿੰਡ ਦੇ ਖੇਡ ਸਟੇਡੀਅਮ ਨੂੰ ਜਾਰੀ ਕੀਤੀ ਗਈ ਇੱਕ ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਪਹਿਲੇ ਪੜਾਅ ਦੇ ਤਹਿਤ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

Share This Article
Leave a Comment