ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Global Team
3 Min Read

ਲੁਧਿਆਣਾ: ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।  ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੱਸ ਵਿੱਚ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।

ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼, ਭੋਜਨ ਆਦਿ ਨਾਲ ਸਬੰਧਤ ਸਾਰੇ ਖਰਚੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਹਿਣ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਲੋਕ ਪਹਿਲਾਂ ਕਿਸੇ ਕਾਰਨ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਨ, ਉਹ ਹੁਣ ਸੂਬਾ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਸਦਕਾ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਅੱਜ ਦੀ ਬੱਸ ਵਿੱਚ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਜਾਇਬ ਘਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਮਹੱਤਵਾਕਾਂਖੀ ਯੋਜਨਾ ਹੈ ਅਤੇ ਇਹ ਸਾਰੀਆਂ ਜਾਤਾਂ, ਧਰਮਾਂ, ਆਮਦਨ ਸਮੂਹਾਂ ਅਤੇ ਹਰ ਖੇਤਰ ਦੇ ਲੋਕਾਂ ਲਈ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸ਼ਰਧਾਲੂਆਂ ਲਈ ਮੁਫ਼ਤ ਅਤੇ ਆਰਾਮਦਾਇਕ ਠਹਿਰਨ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਏ.ਸੀ ਬੱਸਾਂ, ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਉਨ੍ਹਾਂ ਦੇ ਨਾਲ ਹੋਵੇਗੀ। ਇਸ ਬੱਸ ਵਿੱਚ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਖਰਚੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਮੁਫ਼ਤ ਵਿੱਚ ਕਰ ਸਕਣਗੇ।

 

Share This Article
Leave a Comment