ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ

TeamGlobalPunjab
2 Min Read

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਜਿੱਥੇ ਉਹ ਅੱਜ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਸਨ।

ਭਾਰਤੀ ਆਜ਼ਾਦੀ ਦੇ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜ਼ਬੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਉਚ ਵਿਚਾਰਾਂ ਉਤੇ ਚੱਲਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ੍ਹ ਦੀ ਆਪਣੀ ਫੇਰੀ ਯਾਦ ਕਰਦਿਆਂ ਕਿਹਾ ਕਿ ਉਸ ਜੇਲ੍ਹ ਵਿੱਚ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜ਼ਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ।

ਸ਼ਹੀਦ ਭਗਤ ਸਿੰਘ ਦੇ ਸਮਾਧੀ ਸਥਲ ਉਤੇ ਸ਼ਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦੇ ਆਜ਼ਮ ਨੂੰ ਅਕੀਦਤ ਭੇਂਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ।

Share This Article
Leave a Comment