ਕੇਜਰੀਵਾਲ ਦੇ ਕੋਰੇ ਝੂਠ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਗੁੰਮਰਾਹ ਕਰਨ ‘ਚ ਸਹਾਈ ਨਹੀਂ ਹੋਣੇ: ਚੰਨੀ

TeamGlobalPunjab
5 Min Read

ਚੰਡੀਗੜ੍ਹ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ ਦੇ ਆਧਾਰ ਉਤੇ ਖੋਖਲੇ ਦਾਅਵੇ ਕਰ ਰਹੇ ਹਨ।

ਇਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਸੂਬੇ ਨੂੰ 24 ਘੰਟੇ ਬਿਜਲੀ ਸਪਲਾਈ ਦੇਵੇਗੀ। ਚੰਨੀ ਨੇ ਕਿਹਾ ਕਿ ਸ਼ਾਇਦ ਕੇਜਰੀਵਾਲ ਇਹ ਨਹੀਂ ਜਾਣਦੇ ਕਿ ਪੰਜਾਬ ਸਰਕਾਰ ਅਣਕਿਆਸੇ ਹਾਲਾਤ ਅਤੇ ਮੁਰੰਮਤ ਦੇ ਸਮੇਂ ਨੂੰ ਛੱਡ ਕੇ ਲੋਕਾਂ ਨੂੰ ਪਹਿਲਾਂ ਹੀ 24 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ।

ਇੰਸਪੈਕਟਰੀ ਰਾਜ ਦਾ ਖਾਤਮਾ ਕਰਨ ਲਈ ਕੇਜਰੀਵਾਲ ਦੇ ਦਾਅਵੇ ਦਾ ਮੋੜਵਾਂ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ‘ਚ ਇੰਸਪੈਕਟਰੀ ਰਾਜ ਨੂੰ ਪਹਿਲਾਂ ਦੀ ਖਤਮ ਕਰ ਚੁੱਕੀ ਹੈ। ਕੇਂਦਰੀ ਨਿਰੀਖਣ ਪ੍ਰਣਾਲੀ ਰਾਹੀਂ ਸਾਢੇ ਚਾਰ ਸਾਲਾਂ ਵਿਚ ਸਾਂਝੇ ਤੌਰ ਉਤੇ 17,589 ਵਾਰ ਨਿਰੀਖਣ ਕੀਤਾ ਜਾ ਚੁੱਕਾ ਹੈ।

ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨੂੰ ਝਾਂਸੇ ਵਿਚ ਲੈਣ ਲਈ 3-6 ਮਹੀਨਿਆਂ ‘ਚ ਵੈਟ ਰਿਫੰਡ ਕਰਨ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿਚ ਉਦਯੋਗਪਤੀਆਂ ਨੂੰ 1700 ਕਰੋੜ ਰੁਪਏ ਦਾ ਵੈਟ ਰਿਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਸ ਸਤੰਬਰ ਦੇ ਅੰਤ ਤੱਕ ਸਿਰਫ 70 ਕਰੋੜ ਰੁਪਏ ਹੀ ਬਕਾਇਆ ਹਨ।

- Advertisement -

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੋਬਾਈਲ ਵਿੰਗ ਦੀ ਗਿਣਤੀ 14 ਤੋਂ ਘਟਾ ਕੇ 7 ਕਰ ਦਿੱਤੀ ਹੈ ਜਿਨ੍ਹਾਂ ਨੂੰ ਆਬਕਾਰੀ ਵਿਭਾਗ ਦੇ ਬਿਹਤਰੀਨ ਅਫਸਰਾਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਨਾਲ ਟੈਕਸ ਅਤੇ ਜੁਰਮਾਨੇ ਵਿਚ ਜ਼ਬਤ ਕੀਤੇ ਵਾਹਨਾਂ ਵਿਚ 95 ਫੀਸਦੀ ਤੋਂ ਵੱਧ ਨਤੀਜੇ ਆਏ ਹਨ ਕਿਉਂ ਜੋ ਯੋਗ ਰਜਿਸਟਰਡ ਕਰ ਦਾਤਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਕੇਜਰੀਵਾਲ ਦੇ ਇਕ-ਦੋ ਸਾਲਾਂ ਦੇ ਅੰਦਰ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਇੱਕ ਹੋਰ ਖਿਆਲੀ ਵਾਅਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਰੱਖ-ਰਖਾਅ ਅਤੇ ਨਵੀਨੀਕਰਨ ਦੇ ਕੰਮਾਂ ਵੱਲ ਹਮੇਸ਼ਾ ਵਿਸ਼ੇਸ਼ ਧਿਆਨ ਦਿੱਤਾ ਹੈ।

ਕੇਜਰੀਵਾਲ ਵੱਲੋਂ ਸੂਬੇ ਵਿੱਚ ਸੱਤਾ ਵਿੱਚ ਆਉਣ `ਤੇ ਹਫ਼ਤਾ ਪ੍ਰਣਾਲੀ/ਗੁੰਡਾ ਟੈਕਸ `ਨੂੰ ਖ਼ਤਮ ਕਰਨ ਦੇ ਦਾਅਵੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕੋਈ ਪ੍ਰਣਾਲੀ ਮੌਜੂਦ ਨਹੀਂ ਹੈ। ਆਪਣੀ ਦਲੀਲ ਦੇ ਸਮਰਥਨ ਵਿੱਚ, ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਟਰੱਕ ਯੂਨੀਅਨਾਂ ਨੂੰ ਖ਼ਤਮ ਕਰਕੇ ਇਜਾਰੇਦਾਰੀ ਨੂੰ ਰੋਕਣ ਲਈ ਪਹਿਲਕਦਮੀ ਕੀਤੀ ਹੈ, ਜਿਸ ਦੀ ਉਦਯੋਗ ਦੁਆਰਾ ਸ਼ਲਾਘਾ ਕੀਤੀ ਗਈ ਹੈ।

ਕੇਜਰੀਵਾਲ ਦੇ ਉਦਯੋਗ-ਸਰਕਾਰ ਭਾਈਵਾਲੀ ਦੇ ਢੰਗ-ਤਰੀਕੇ ਨਾਲ ਕੰਮ ਕਰਨ ਦੇ ਇੱਕ ਹੋਰ ਦਾਅਵੇ ਦਾ ਵਿਰੋਧ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਅੰਦਰ ਉਦਯੋਗ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ -2017) ਹੈ ਜਿਸਦੀ ਉਦਯੋਗ ਦੁਆਰਾ ਕਾਫ਼ੀ ਸ਼ਲਾਘਾ ਕੀਤੀ ਗਈ ਹੈ।

ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਯਕੀਨੀ ਬਣਾਉਣ ਸਬੰਧੀ ‘ਆਪ’ ਕਨਵੀਨਰ ਦੇ ਦਾਅਵੇ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕਿਰਤੀਆਂ ਨਾਲ ਸ਼ਾਂਤਮਈ ਸਬੰਧ ਹਨ ਕਿਉਂਕਿ ਸੂਬੇ ਵਿੱਚ ਪਿਛਲੇ ਤਿੰਨ ਦਹਾਕਿਆਂ ਦੌਰਾਨ ਕੋਈ ਵੱਡੀ ਹੜਤਾਲ ਨਹੀਂ ਹੋਈ ਹੈ ਅਤੇ ਮਜ਼ਦੂਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਦੇ ਨਿਵਾਸੀ ਹੋਣ ਸਬੰਧੀ ਕੋਈ ਪਾਬੰਦੀ ਨਹੀਂ ਹੈ।

- Advertisement -

ਕੇਜਰੀਵਾਲ ਨੂੰ ਮੌਕਾਪ੍ਰਸਤ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਅਜਿਹੀਆਂ ਗਲ਼ਤ ਅਤੇ ਸਿਆਸੀ ਹਿੱਤਾਂ ਵਾਲੀਆਂ ਹਰਕਤਾਂ ‘ਆਪ’ ਕਨਵੀਨਰ ਨੂੰ ਪੰਜਾਬ ਦੇ ਚੋਣ ਮੈਦਾਨ ‘ਤੇ ਕਾਬਜ਼ ਹੋਣ ਵਿੱਚ ਮਦਦ ਨਹੀਂ ਕਰਨਗੀਆਂ ਕਿਉਂਕਿ ਉਹ ਸੂਬੇ ਤੋਂ ਬਾਹਰ ਹੋਣ ਕਰਕੇ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਸਿਰਫ਼ ਦੂਰੋਂ ਹੀ ਚਿੰਤਤ ਹਨ ਅਤੇ ਉਹਨਾਂ ਦੀ ਅੱਖ ਸਿਰਫ਼ ਪੰਜਾਬ ਦੇ ਵੋਟ ਬੈਂਕ ‘ਤੇ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗਲਤਫਹਿਮੀ ਹੈ ਅਤੇ ਉਹ ਦਿਨ ਵਿੱਚ ਸੁਪਨੇ ਦੇਖ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਵਿਖਾ ਕੇ ਗੁੰਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਹਰਾ ਕੇ ਬਾਹਰ ਦਾ ਰਾਸਤਾ ਦਿਖਾਉਣਗੇ।

Share this Article
Leave a comment