ਫਿਰੋਜ਼ਪੁਰ: ਪੰਜਾਬ ਵਿੱਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਰੋਹ ਫਿਰੋਜ਼ਪੁਰ ਵਿੱਚ ਕਰਵਾਇਆ ਜਾ ਰਿਹਾ ਹੈ। ਕੈਂਟੋਨਮੈਂਟ ਬੋਰਡ ਸਟੇਡੀਅਮ ਵਿੱਚ ਹੋ ਰਹੇ ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
25 ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਸਨਮਾਨ
ਆਜ਼ਾਦੀ ਦਿਹਾੜੇ ਦੇ ਇਸ ਰਾਜ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਆਜ਼ਾਦੀ ਦਿਹਾੜੇ ਦੇ ਸਮਾਰੋਹ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਤਿਰੰਗਾ ਲਹਿਰਾ ਰਹੇ ਹਨ।
ਵੱਖ-ਵੱਖ ਟੁਕੜੀਆਂ ਨੇ ਲਿਆ ਮਾਰਚ ਪਾਸਟ ’ਚ ਹਿੱਸਾ
ਫਿਰੋਜ਼ਪੁਰ ਦੇ ਸਮਾਰੋਹ ਵਿੱਚ BSF, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ, ਹੋਮਗਾਰਡ, ਹੋਮਗਾਰਡ ਮਹਿਲਾ ਵਿੰਗ, NCC ਅਤੇ ਸਕਾਊਟ ਐਂਡ ਗਾਈਡ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈ ਰਹੀਆਂ ਹਨ।
ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ PT ਸ਼ੋਅ, ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਸਮਾਰੋਹ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਉਪਲਬਧੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
PM ਮੋਦੀ ਨੇ ਲਾਲ ਕਿਲ੍ਹੇ ਤੋਂ ਲੁਧਿਆਣਾ ਦਾ ਕੀਤਾ ਜ਼ਿਕਰ
ਉੱਧਰ, ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਲੁਧਿਆਣਾ ਦਾ ਵੀ ਜ਼ਿਕਰ ਕੀਤਾ।
PM ਮੋਦੀ ਨੇ MSME ਨਾਲ ਜੁੜੇ ਉਦਯੋਗਪਤੀਆਂ ਨੂੰ ਆਪਣੇ ਉਤਪਾਦਾਂ ਨੂੰ ਵਿਸ਼ਵ ਪੱਧਰ ਦਾ ਬਣਾਉਣ ਦੀ ਅਪੀਲ ਕੀਤੀ।

