ਅਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਏ ਫੈਸਲੇ ਅਤੇ ਆਪਣੇ ਨਾਲ ਜੋੜੀ ਜਾ ਰਹੀ ਇੱਕ ਵੀਡੀਓ ਨੂੰ ਲੈ ਕੇ ਆਪਣੀ ਸਫਾਈ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਸ ਵੀਡੀਓ ਦੇ ਸਬੰਧ ਵਿੱਚ ਉਨ੍ਹਾਂ ਖ਼ਿਲਾਫ਼ ਕੁਝ ਹਕਮਨਾਮੇ ਜਾਰੀ ਕੀਤੇ ਗਏ ਸਨ।
ਭਗਵੰਤ ਮਾਨ ਨੇ ਕਿਹਾ ਕਿ ਇਹ ਵੀਡੀਓ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਨਾਲ ਤਿਆਰ ਨਹੀਂ ਕੀਤੀ ਗਈ, ਪਰ ਉਨ੍ਹਾਂ ਦਾ ਦਾਅਵਾ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਖੁਦ ਨਹੀਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਬੁਲਾਇਆ ਗਿਆ ਸੀ, ਉਸ ਵੇਲੇ ਵੀ ਉਨ੍ਹਾਂ ਨੇ ਇਹ ਗੱਲ ਸਪੱਸ਼ਟ ਤੌਰ ’ਤੇ ਰੱਖੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਦੀ ਕਦ-ਕਾਠੀ ਅਤੇ ਸਰੀਰਕ ਬਣਤਰ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ। ਉਨ੍ਹਾਂ ਮੁਤਾਬਕ ਉਨ੍ਹਾਂ ਦਾ ਸਰੀਰ ਉਸ ਤਰ੍ਹਾਂ ਦਾ ਨਹੀਂ ਹੈ, ਇਸ ਲਈ ਉਸ ਵੀਡੀਓ ਨੂੰ ਉਨ੍ਹਾਂ ਨਾਲ ਜੋੜਨਾ ਠੀਕ ਨਹੀਂ।
ਇਸ ਦੇ ਨਾਲ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਹੈਰਾਨੀ ਵੀ ਜਤਾਈ। ਉਨ੍ਹਾਂ ਕਿਹਾ ਕਿ ਧਾਰਮਿਕ ਅਹੁਦਿਆਂ ’ਤੇ ਬੈਠੇ ਕੁਝ ਲੋਕ ਆਪਣੇ ਸਿਆਸੀ ਆਕਾਵਾਂ ਦੇ ਪ੍ਰਭਾਵ ਹੇਠ ਇਸ ਤਰ੍ਹਾਂ ਦਾ ਝੂਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਕੁਝ ਉਨ੍ਹਾਂ ਦੀ ਛਵੀ ਖਰਾਬ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਰੱਖਿਆ, ਗੁਰੂ ਸਾਹਿਬ ਦੀ ਬਾਣੀ ਦੀ ਸੰਭਾਲ, ਕਿਸਾਨਾਂ ਦੇ ਹਿੱਤਾਂ ਅਤੇ ਪੰਜਾਬ ਦੀ ਨੌਜਵਾਨੀ ਨਾਲ ਜੁੜੇ ਫੈਸਲੇ ਲੈ ਰਹੇ ਹਨ ਅਤੇ ਉਨ੍ਹਾਂ ਦੇ ਮਤਾਬਕ ਕੁਝ ਲੋਕ ਇਹ ਗੱਲ ਸਵੀਕਾਰ ਨਹੀਂ ਕਰ ਰਹੇ। ਇਸੇ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

