ਮੁੱਖ ਮੰਤਰੀ ਮਾਨ ਨੇ ਤੰਜ਼ ਭਰੀ ਪੋਸਟ ਕੀਤੀ ਸ਼ੇਅਰ; ਕਿਹਾ “ਅਦਾਲਤਾਂ ਦਾ ਓਥੇ ਰੱਬ ਰਾਖਾ ਜਿੱਥੇ…”

Global Team
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾ ਨਾਮ ਲਏ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਮਜੀਠੀਆ ਨਾਲ ਮੁਲਾਕਾਤ ‘ਤੇ ਚੁਟਕੀ ਲਈ ਹੈ। ਮੁੱਖ ਮੰਤਰੀ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਇਕ ਤੰਜ਼ ਭਰੀ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਨੂੰ ਲੋਕਾਂ ਵੱਲੋਂ ਬੀਤੇ ਕੱਲ੍ਹ ਕੀਤੀ ਗਈ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ ਕਿ ” ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ ਅਦਾਲਤਾਂ ਦਾ ਓਥੇ ਰੱਬ ਰਾਖਾ ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ। ” ਦੱਸ ਦਈਏ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਨਾਭਾ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਬਾਹਰ ਆਉਣ ਤੋਂ ਬਾਅਦ, ਡੇਰਾ ਬਿਆਸ ਮੁਖੀ ਨੇ ਮਜੀਠੀਆ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ।

ਬਿਕਰਮ ਮਜੀਠੀਆ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ ਸੱਤ ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਹਨ। ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਅੱਜ (3 ਫਰਵਰੀ) ਸਵੇਰੇ 10:30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਮਜੀਠੀਆ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਅਤੇ ਅਕਾਲੀ ਆਗੂਆਂ ਵਿੱਚ ਭਾਰੀ ਉਤਸ਼ਾਹ ਹੈ। ਸੰਭਾਵਨਾ ਹੈ ਕਿ ਉਹ ਪਟਿਆਲਾ ਦੀ ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਣਗੇ। ਜਦੋਂ ਮਜੀਠੀਆ ਜੇਲ੍ਹ ਤੋਂ ਬਾਹਰ ਆਉਣਗੇ ਤਾਂ ਉਨ੍ਹਾਂ ਦਾ ਜ਼ੋਰ-ਸ਼ੋਰ ਨਾਲ ਸਵਾਗਤ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਜੇਲ੍ਹ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment