ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਸਮੱਸਿਆਵਾਂ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ। ਅੱਜ ਉਹਨਾਂ ਨੂੰ ਮਿਲਣ ਲਈ ਉਹਨਾਂ ਦੀ ਮਾਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ।
ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਹਨਾਂ ਦੀ ਪਲਸ ਰੇਟ ਪਹਿਲਾਂ ਨਾਲੋਂ ਬਿਹਤਰ ਹੋਈ ਹੈ। ਮੈਡੀਕਲ ਟੀਮਾਂ ਲਗਾਤਾਰ ਉਹਨਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀਆਂ ਹਨ।
ਹਸਪਤਾਲ ਪ੍ਰਸ਼ਾਸਨ ਮੁਤਾਬਕ, ਮੁੱਖ ਮੰਤਰੀ ਨੂੰ ਦਿਲ ਦੀ ਧੜਕਣ ਦੀ ਗਤੀ ਘੱਟ ਹੋਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਕਾਰਨ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰਾਂ ਦੀ ਟੀਮ ਨੇ ਤੁਰੰਤ ਉਹਨਾਂ ਦੀ ਜਾਂਚ ਕੀਤੀ ਅਤੇ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਗਿਆ।
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ‘ਤੇ ਸਨ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਸੰਤ ਸੀਚੇਵਾਲ ਅਤੇ ਵਿਧਾਇਕ ਬਲਕਾਰ ਸਿੰਘ ਵੀ ਉਹਨਾਂ ਨਾਲ ਮੌਜੂਦ ਸਨ।
ਜਾਣਕਾਰੀ ਮੁਤਾਬਕ, ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਠੀਕ ਨਹੀਂ ਸਨ। ਇਸ ਕਾਰਨ ਉਹਨਾਂ ਦਾ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਵੀ ਰੱਦ ਹੋ ਗਿਆ ਸੀ। ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੀ ਆਰਾਮ ਕਰ ਰਹੇ ਸਨ ਅਤੇ ਉਥੇ ਹੀ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਪਰ ਸ਼ੁੱਕਰਵਾਰ ਸ਼ਾਮ ਨੂੰ ਉਹਨਾਂ ਦੀ ਸਿਹਤ ਹੋਰ ਵਿਗੜ ਗਈ, ਜਿਸ ਕਾਰਨ ਉਹਨਾਂ ਨੂੰ ਹਸਪਤਾਲ ਲਿਆਂਦਾ ਗਿਆ। ਸਿਹਤ ਸਮੱਸਿਆਵਾਂ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਪ੍ਰਸਤਾਵਿਤ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।