ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੋਂ ਮੀਟਿੰਗ ਦਾ ਇੰਤਜ਼ਾਰ ਕਰ ਰਹੇ ਸਨ।
ਜਿਸ ਤੋਂ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਦੇ ਘਰ ਕੈਪਟਨ ਅਮਰਿੰਦਰ ਸਿੰਘ ਪਹੁੰਚ ਗਏ ਹਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਲਾਤਾਂ ਤੋਂ ਜਾਣੂ ਕਰਵਾਉਣਗੇ ਅਤੇ ਖੇਤੀ ਸਬੰਧੀ ਜਾਰੀ ਕੀਤੇ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਵੀ ਮੰਗ ਕਰਨਗੇ।
ਦਿੱਲੀ ਦੀਆਂ ਸਰਹੱਦਾਂ ‘ਤੇ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਧਰਨਾ ਦੇ ਰਹੇ ਹਨ। ਪੰਜਾਬ ਤੇ ਹਰਿਆਣਾ ਦੇ ਨਾਲ ਨਾਲ ਹੁਣ ਰਾਜਸਥਾਨ, ਯੂਪੀ, ਗੁਜਰਾਤ ਤੋਂ ਵੀ ਕਿਸਾਨ ਇਸ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਕਿਸਾਨ ਜਥੇਬੰਦੀਆਂ ਦੀ ਇੱਕ ਹੀ ਮੰਗ ਹੈ ਕਿ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮਸਲੇ ਲੈ ਕੇ ਅਮਿਤ ਸ਼ਾਹ ਦੇ ਦਰ ‘ਤੇ ਪਹੁੰਚੇ ਸਨ।
ਉਧਰ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਮੀਟਿੰਗ ਤੋਂ ਉਮੀਦ ਹੈ ਕਿ ਕੋਈ ਸਿੱਟਾ ਜ਼ਰੂਰ ਨਿਕਲੇਗਾ। ਹਾਲਾਂਕਿ ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਨੀ ਹੈ।