ਨਵੀਂ ਦਿੱਲੀ: ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।ਸੂਤਰਾਂ ਅਨੁਸਾਰ, ਅਮਰਿੰਦਰ ਸਿੰਘ ਸ਼ਾਮ 6 ਵਜੇ ਦੇ ਕਰੀਬ ਪੀਐਮ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।
ਉਹ ਪ੍ਰਧਾਨ ਮੰਤਰੀ ਨੂੰ ਸੂਬੇ ਦੇ ਹਾਲਾਤ ਤੇ ਪਾਕਿਸਤਾਨ ਵੱਲੋਂ ਪੰਜਾਬ ਨੂੰ ਵਧ ਰਹੇ ਖ਼ਤਰੇ ਬਾਰੇ ਜਾਣੂ ਕਰਵਾਉਣਗੇ। ਦੱਸਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਇਸ ਮੁਲਾਕਾਤ ਦੌਰਾਨ ਪੀਐੱਮ ਤੋਂ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਪਹਿਲ ਕਰਨ ਦੀ ਅਪੀਲ ਵੀ ਕਰਨਗੇ।
ਪਿਛਲੇ ਮਹੀਨੇ, ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦੁਬਾਰਾ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ। ਉਨ੍ਹਾਂ ਨੇ ਦੱਸਿਆ ਸੀ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਘੱਟੋ ਘੱਟ ਸ਼ਾਂਤੀਪੂਰਨ ਰਹੇ ਹਨ।ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਅੱਜ ਸ਼ਾਮ 4 ਵਜੇ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਵੀਆ ਨੂੰ ਵੀ ਮਿਲਣਗੇ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ । ਸਰਹੱਦ ਪਾਰ ਤੋਂ ਵਿਰੋਧੀ ਤਾਕਤਾਂ ਵੱਲੋਂ ਸਰਕਾਰ ਖਿਲਾਫ ਰੋਹ ਭੜਕਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਖਦਸ਼ਿਆਂ ’ਤੇ ਫਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਛੇਤੀ ਹੱਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ 2020 ਵਿੱਚ ਆਰਡੀਨੈਂਸ ਜਾਰੀ ਕੀਤੇ ਜਾਣ ਦੇ ਬਾਅਦ ਤੋਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਹੁਣ ਤਕ ਇਹ ਪ੍ਰਦਰਸ਼ਨ ਵੱਡੀ ਪੱਧਰ ’ਤੇ ਸ਼ਾਂਤਮਈ ਰਹੇ ਹਨ ਪਰ ਇਸ ਤੋਂ ਲੋਕਾਂ ਵਿਚ ਵਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵਧ ਰਿਹਾ ਹੈ।