ਮੁੱਖ ਮੰਤਰੀ ਚੰਨੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਮਿਲਣਗੇ ਜਾਇਦਾਦਾਂ ਦੇ ਮਾਲਕੀ ਹੱਕ

TeamGlobalPunjab
4 Min Read

ਸ਼ਹਿਰਾਂ ਤੇ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਹੋਵੇਗਾ ਫਾਇਦਾ

ਦੀਨਾਨਗਰ/ਗੁਰਦਾਸਪੁਰ : ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ,ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ।

ਦੀਨਾਨਗਰ ਵਿਖੇ ਰੱਖੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹੱਈਆ ਕਰਵਾਏਗੀ।

- Advertisement -

 

ਸੀ.ਐਮ. ਚੰਨੀ ਨੇ ਕਿਹਾ ਕਿ ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਚੰਨੀ ਨੇ ਅੱਗੇ ਕਿਹਾ ਕਿ ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜਿੰਮਾ ਮਾਲ ਵਿਭਾਗ ਨੂੰ ਦਿੱਤਾ ਗਿਆ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਸ਼ਨਾਖਤ ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ ਅਤੇ ਜੇਕਰ ਉਨਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ ਜਿਸ ਕਰਕੇ ਇਸ ਦੀ ਕੀਮਤ ਵੀ ਵਧੇਗੀ। ਸ੍ਰ.ਚੰਨੀ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ਵਿੱਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ਵਿੱਚ ਆਉਣਗੇ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਲਾਲ ਲਕੀਰ ਤੋਂ ਬਾਹਰ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀ ਦਿਵਾਲੀ ਤੱਕ ਸੂਬਾ ਸਰਕਾਰ ਇਸ ਸਕੀਮ ਅਧੀਨ ਇਨਾਂ ਲੋਕਾਂ ਨੂੰ ਮਾਲਕੀ ਹੱਕ ਦੇਣਾ ਯਕੀਨੀ ਬਣਾਏਗੀ। ਚੰਨੀ ਨੇ ਕਿਹਾ ਕਿ ਇਨ੍ਹਾਂ ਲੋਕ ਪੱਖੀ ਉਪਰਾਲਿਆਂ ਦਾ ਮੁੱਖ ਮਨੋਰਥ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਮੁਹੱਈਆ ਕਰਵਾਉਣਾ ਹੈ ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ, ਚਾਹੇ ਉਹ ਕਿਸੇ ਵੀ ਜਾਤ,ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖ ਖ਼ਪਤਕਾਰਾਂ ਨੂੰ ਬਕਾਏ ਬਿੱਲ ਮੁਆਫ਼ੀ ਦਾ ਲਾਭ ਮਿਲੇਗਾ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਬਹੁਤ ਘੱਟ ਸਮਾਂ ਹੈ, ਪਰ ਉਹ ਨਿਰੰਤਰ ਕੰਮ ਕਰ ਰਹੇ ਹਨ ਤਾਂ ਕਿ ਸੂਬਾ ਸਰਕਾਰ ਦੀਆਂ ਵਿਕਾਸ ਮੁੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ।

ਦੀਨਾਨਗਰ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਦੇ ਮੌਜੂਦਾ ਕਮਿਊਨਟੀ ਹੈਲਥ ਸੈਂਟਰ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਧਾਨ ਸਭਾ ਹਲਕਾ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ ਅਤੇ ਉਹ ਇਸ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

Share this Article
Leave a comment