ਕੈਪਟਨ ਅਮਰਿੰਦਰ ਨੇ ਬਾਲ ਕਲਾਕਾਰ ਨੂਰ ਨਾਲ ਮੁਲਾਕਾਤ ਕਰਕੇ ਸ਼ੁੱਭ ਕਾਮਨਾਵਾਂ ਦਿੱਤੀਆਂ

TeamGlobalPunjab
2 Min Read

ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੂਰ ਦੇ ਨਾਮ ਨਾਲ ਪ੍ਰਸਿੱਧ ਬਾਲ ਕਲਾਕਾਰ ਨੂਰਪ੍ਰੀਤ ਕੌਰ ਅਤੇ ਉਸ ਦੀ ਭੈਣ ਜਸ਼ਨਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਆਪਣੀ ਸਰਕਾਰੀ ਰਿਹਾਇਸ਼ ‘ਤੇ ਦੋਵਾਂ ਨਾਲ ਹਾਸੇ-ਠੱਠੇ ਵਾਲੀਆਂ ਗੱਲਾਂ ਕਰਦਿਆਂ ਮੁੱਖ ਮੰਤਰੀ ਨੇ ਦੋਵੇਂ ਲੜਕੀਆਂ ਨੂੰ ਮਠਿਆਈ ਦੀ ਵੀ ਪੇਸ਼ਕਸ਼ ਕੀਤੀ।

ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਵੀ ਨੂਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ।

ਪਰਦੇ ‘ਤੇ ਪਟਕੇ ਵਿੱਚ ਦਿਸਦਾ ਲੜਕਾ ਨੂਰ ਅਸਲ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੀ ਲੜਕੀ ਹੈ। ਨੂਰ ਦੀ ਸ਼ਾਨਦਾਰ ਅਦਾਕਾਰੀ ਸਦਕਾ ਵੱਖ-ਵੱਖ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿੱਚ ਉਸ ਦੇ ਪ੍ਰਸੰਸਕ ਹਨ ਅਤੇ ਨੂਰ ਲੱਖਾਂ ਲੋਕਾਂ ਦੇ ਦਿਲਾਂ ਦੀ ਧੜਕਣ ਹਨ। ਉਸ ਨੂੰ ਹਾਸੇ-ਠੱਠੇ ਦੇ ਅੰਦਾਜ਼ ਨਾਲ ਸਮਾਜਿਕ ਸੁਨੇਹਾ ਦੇਣ ਦੇ ਤੌਰ ‘ਤੇ ਜਾਣਿਆ ਜਾਂਦਾ ਹੈ।

ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਰੱਖੜੀ ਦੇ ਤਿਉਹਾਰ ‘ਤੇ ਵੀ ਨੂਰ ਨੂੰ ਮਿਲਣ ਲਈ ਸਮਾਂ ਦਿੱਤਾ ਦਿੱਤਾ ਸੀ ਪਰ ਨੂਰ ਸਿਹਤ ਕਾਰਨਾਂ ਕਰਕੇ ਮਿਲਣ ਨਹੀਂ ਆ ਸਕੀ ਸੀ। ਹਾਲਾਂਕਿ, ਮੁੱਖ ਮੰਤਰੀ ਨੇ ਉਸ ਵੇਲੇ ‘ਸ਼ਗਨ’ ਭੇਜ ਕੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਮਿਲਣ ਦਾ ਮੁੜ ਸਮਾਂ ਦੇ ਦਿੱਤਾ ਸੀ।

ਦੋਵੇਂ ਭੈਣਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਤੋਂ ਸੁਖਦੀਪ ਸਿੰਘ ਅਤੇ ਵਰਨਦੀਪ ਸਿੰਘ ਵੀ ਹਾਜ਼ਰ ਸਨ। ਇਹ ਦੋਵੇਂ ਨੌਜਵਾਨ ਨੂਰ ਦੇ ਵੀਡੀਓ ਕਲਿਪ ਰਿਕਾਰਡ ਕਰਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ ਕਰਦੇ ਹਨ।

Share This Article
Leave a Comment