ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਗੰਭੀਰ ਸਿੱਟੇ ਭੁਗਤਣ ਦੀ ਦਿੱਤੀ ਚਿਤਾਵਨੀ
ਕਿਸਾਨਾਂ ਤੇ ਲਾਠੀਚਾਰਜ ਲਈ ਖੱਟਰ ਮੁਆਫ਼ੀ ਮੰਗਣ : ਕੈਪਟਨ
ਚੰਡੀਗੜ੍ਹ : ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਕਾਰਵਾਈ ‘ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਰਾਜ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿੱਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀ ਹੋ ਗਏ।
ਇਹ ਆਖਦਿਆਂ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ।
.”Shocked at the brutality of Haryana police against peacefully protesting farmers. The @mlkhattar government sponsored lathicharge is unacceptable. India will not forgive @BJP4India for treating our Anndatas in this shameful & horrendous manner”, @capt_amarinder pic.twitter.com/2IgvU5eQJF
— Raveen Thukral (@Raveen64) August 28, 2021
ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣ ਅਤੇ ਜ਼ਖਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵੱਲੋਂ ਕਿਸਾਨਾਂ ‘ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ। ਕੈਪਟਨ ਅਮਰਿੰਦਰ ਨੇ ਕਿਹਾ, “ਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ।” ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਗੰਭੀਰ ਸਿੱਟੇ ਭੁਗਤਣੇ ਪੈਣਗੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ ‘ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ ਰੱਦ ਕਰਨ ਦੀ ਬਜਾਏ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਕਿਸਾਨਾਂ ਨਾਲ ਅਜਿਹੇ ਸ਼ਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਗਈ ਕਿਸਾਨ ਦਿੱਲੀ ਦੀਆਂ ਬਰੂਹਾਂ `ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਨਾਕਾਮ ਕਰਨ ਅਤੇ ਉਨ੍ਹਾਂ ਇਰਾਦਿਆਂ ਨੂੰ ਦਬਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ, ਹਰਿਆਣਾ ਸਰਕਾਰ ਨੇ ਨਿਰਦੋਸ਼ ਅਤੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਫਿਰ ਤੋਂ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ ਜੋ ਕਿ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਨੂੰ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਨੂੰ ਆਪਣੇ ਚਹੀਤੇ ਪੂੰਜੀਪਤੀਆਂ ਦੇ ਹੱਥਾਂ ਵਿੱਚ ਦੇਣ ਲਈ ਵਰਤ ਰਹੀ ਹੈ, ਵਿਰੁੱਧ ਆਪਣੀ ਲੜਾਈ ਵਿੱਚ ਖਰਾਬ ਮੌਸਮ, ਮਹਾਂਮਾਰੀ ਅਤੇ ਹੋਰ ਮੁਸ਼ਕਲਾਂ ਦਰਮਿਆਨ ਵੀ ਡਟੇ ਹੋਏ ਹਨ। ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਹਰਿਆਣਾ ਪੁਲਿਸ ਨੇ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੇਰਹਿਮੀ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ।
ਮੀਟਿੰਗ ਲਈ ਕਰਨਾਲ ਫੇਰੀ ‘ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ ‘ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ ਨਿਰਦੇਸ਼ ਦੇਣ ਵਾਲੇ ਆਈਏਐਸ ਅਧਿਕਾਰੀ ਦੀ ਵੀ ਨਿੰਦਾ ਕੀਤੀ। ਉਸ ਨੇ ਉਕਤ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।