ਪੰਜਾਬ ‘ਚ ਧੁੰਦ ਕਾਰਨ ਹਵਾਈ ਸੇਵਾਵਾਂ ਪ੍ਰਭਾਵਿਤ, ਛੇ ਉਡਾਣਾਂ ਹੋਈਆਂ ਰੱਦ

Global Team
3 Min Read

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਕਈ ਇਲਾਕਿਆਂ ਵਿੱਚ ਸੰਘਣਾ ਕੋਹਰਾ ਵੀ ਦੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਵੀ ਇਸ ਸਮੇਂ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।ਕਈ ਜਗ੍ਹਾ ਸੰਘਣੀ ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਦਰਜ ਕੀਤੀ ਗਈ। ਜਿੱਥੇ ਇਹ ਧੁੰਦ ਸੜਕ ਹਾਦਸਿਆਂ ਦਾ ਕਾਰਣ ਬਣ ਰਹੀ ਹੈ, ਉੱਥੇ ਹੀ ਸੜਕੀ ਅਤੇ ਹਵਾਈ ਆਵਾਜ਼ਾਈ ‘ਚ ਪ੍ਰਭਾਵਿਤ ਹੋ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਤੇਜ਼ ਹਵਾਵਾਂ ਵੀ ਚੱਲਣਗੀਆਂ। ਕੱਲ੍ਹ ਪਹਿਲਾਂ ਬਠਿੰਡਾ ਵਿੱਚ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ ਸੀ, ਜਿਸ ਕਾਰਨ ਵਿਜ਼ੀਬਿਲਿਟੀ 0 ਤੋਂ 10 ਮੀਟਰ ਤੱਕ ਸੀ। ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹੇ, ਜਿੱਥੇ ਵਿਜ਼ੀਬਿਲਿਟੀ 50 ਮੀਟਰ ਦਰਜ ਕੀਤੀ ਗਈ। ਇਸ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਧਰਮਸ਼ਾਲਾ ਅਤੇ ਦਿੱਲੀ ਲਈ ਛੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਕੁਝ ਦੇਰੀ ਨਾਲ ਚੱਲੀਆਂ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਨੇ ਦੱਸਿਆ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਘੱਟ ਹੈ। ਹਲਵਾਰਾ ਵਿੱਚ ਸਭ ਤੋਂ ਵੱਧ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਉੱਪਰੀ ਹਵਾ ਵਿੱਚ ਇੱਕ ਪੱਛਮੀ ਗੜਬੜੀ ਮੌਜੂਦ ਹੈ। ਉੱਤਰ-ਪੱਛਮੀ ਭਾਰਤ ਉੱਤੇ ਤੇਜ਼ ਜੈੱਟ ਸਟ੍ਰੀਮ ਹਵਾਵਾਂ ਚੱਲ ਰਹੀਆਂ ਹਨ। 17 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲਿਆ ਉੱਤੇ ਇੱਕ ਨਵੀਂ, ਪਰ ਕਮਜ਼ੋਰ, ਪੱਛਮੀ ਗੜਬੜੀ ਵਿਕਸਤ ਹੋ ਸਕਦੀ ਹੈ।ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਲਗਭਗ ਦੋ ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ ਹੌਲੀ-ਹੌਲੀ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋਵੇਗਾ। 16 ਦਸੰਬਰ ਨੂੰ ਰਾਜ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment