ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਨਵੇਂ ਇੰਚਾਰਜ ਭੁਪੇਸ਼ ਬਘੇਲ ਦੇ ਦਾਖ਼ਲੇ ਨਾਲ ਪ੍ਰਧਾਨ ਦੇ ਅਹੁਦੇ ਲਈ ਧੜੇਬੰਦੀ ਸ਼ੁਰੂ ਹੋ ਗਈ ਹੈ। ਸੂਬਾ ਇਕਾਈ ਦੇ ਦਿੱਗਜ ਆਗੂ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਅੱਗੇ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨ ਵਿੱਚ ਲੱਗੇ ਹੋਏ ਹਨ। ਕੁਝ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੇ ਸੰਪਰਕ ‘ਚ ਹਨ ਅਤੇ ਕੁਝ ਮਲਿਕਾਅਰਜੁਨ ਖੜਗੇ ਦੇ ਜ਼ਰੀਏ ਆਪਣੇ ਦਾਅ ‘ਚ ਲੱਗੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ ਅਗਲੇ ਤਿੰਨ ਚਾਰ ਮਹੀਨਿਆਂ ਵਿੱਚ ਨਵਾਂ ਸੂਬਾ ਪ੍ਰਧਾਨ ਮਿਲ ਜਾਵੇਗਾ। ਪ੍ਰਧਾਨ ਬਣਨ ਲਈ ਸੰਘਰਸ਼ ਵੀ ਸ਼ੁਰੂ ਹੋ ਗਿਆ ਹੈ ਕਿਉਂਕਿ 2027 ਦੀਆਂ ਵਿਧਾਨ ਸਭਾ ਚੋਣਾਂ ਜੋ ਵੀ ਪ੍ਰਧਾਨ ਬਣੇਗਾ ਉਸ ਦੀ ਅਗਵਾਈ ਹੇਠ ਲੜਿਆ ਜਾਵੇਗਾ।
ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਿਲ ਸੂਬਾਈ ਇਕਾਈ ਦੇ ਦਿੱਗਜ ਆਗੂਆਂ ਨੇ ਵੀ ਨਵੇਂ ਇੰਚਾਰਜ ਭੁਪੇਸ਼ ਬਘੇਲ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਪਾਰਟੀ ਨੂੰ ਸੂਬੇ ਵਿੱਚ ਪ੍ਰਧਾਨ ਵਜੋਂ ਨਵਾਂ ਚਿਹਰਾ ਮਿਲ ਸਕੇ। ਉਂਜ ਬਘੇਲ ਨੇ ਆਗੂਆਂ ਨੂੰ ਪਾਰਟੀ ਵਿੱਚ ਅਨੁਸ਼ਾਸਨ ਬਣਾਈ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਹ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ’ਤੇ ਅਨੁਸ਼ਾਸਨ ’ਤੇ ਜ਼ੋਰ ਦੇ ਰਹੇ ਹਨ ਅਤੇ ਜਥੇਬੰਦਕ ਸ਼ੈਲੀ ਨੂੰ ਅੱਗੇ ਤੋਰ ਰਹੇ ਹਨ।ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਸੂਬਾ ਇਕਾਈ ਵਿਚ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਹੁਣ ਨਵੇਂ ਇੰਚਾਰਜ ਭੁਪੇਸ਼ ਬਘੇਲ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੂਬਾ ਇਕਾਈ ਦੇ ਸੀਨੀਅਰ ਆਗੂਆਂ ਨਾਲ ਤਾਲਮੇਲ ਕਰਕੇ ਨਵੇਂ ਪ੍ਰਧਾਨ ਦੇ ਐਲਾਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨਾ ਹੋਵੇਗਾ।
ਪ੍ਰਧਾਨਗੀ ਦੀ ਦੌੜ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਸ਼ਾਮਲ ਦੱਸੇ ਜਾਂਦੇ ਹਨ।
ਸੂਬਾ ਇਕਾਈ ਦੀ ਧੜੇਬੰਦੀ ਹਾਈਕਮਾਂਡ ਤੋਂ ਵੀ ਲੁਕੀ ਨਹੀਂ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਇੱਕ-ਦੂਜੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅਜਿਹੇ ਵਿੱਚ ਪਾਰਟੀ ਹਾਈਕਮਾਂਡ ਨੇ ਆਪਣੇ ਦਿੱਗਜ ਆਗੂ ਭੁਪੇਸ਼ ਬਘੇਲ ਨੂੰ ਸੂਬਾ ਇਕਾਈ ਦੇ ਆਗੂਆਂ ਦੀ ਨਬਜ਼ ਫੜਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਲਈ ਭੇਜਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਸ਼ਾਮਲ ਆਗੂਆਂ ਨੇ ਨਵੇਂ ਇੰਚਾਰਜ ਭੁਪੇਸ਼ ਬਘੇਲ ਨਾਲ ਤਾਲਮੇਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ 18 ਫਰਵਰੀ ਨੂੰ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਦਿੱਲੀ ਵਿਖੇ ਨਵੇਂ ਇੰਚਾਰਜ ਨਾਲ ਮੁਲਾਕਾਤ ਕੀਤੀ। ਕਰੀਬ ਡੇਢ ਘੰਟੇ ਚੱਲੀ ਇਸ ਮੀਟਿੰਗ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਇਲਾਵਾ ਸੂਬਾ ਇਕਾਈ ਬਾਰੇ ਗਹਿਰਾਈ ਨਾਲ ਚਰਚਾ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।