ਚੰਡੀਗੜ੍ਹ : ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਦਾ ਦਿੱਲੀ ਵਿੱਚ ਅੰਦੋਲਨ ਚੱਲ ਰਿਹਾ ਹੈ, ਜੋ ਅੱਜ 16ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਹੱਕ ‘ਚ ਖੜਨ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖੇਤੀ ਕਾਨੂੰਨ ਖਿਲਾਫ਼ 14 ਦਸੰਬਰ ਨੂੰ ਪੰਜਾਬ ਕਾਂਗਰਸ ਵੱਲੋਂ ਸਵੇਰੇ 11 ਤੋਂ ਦੁਪਹਿਰ 3 ਵਜੇ ਤਕ ਸ਼ੰਭੂ ਬੌਰਡਰ ‘ਤੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕਿਹਾ ਕਿ ਇੱਕ ਦਿਨ ਦੇ ਧਰਨੇ ਤੋਂ ਬਾਅਦ ਪੰਜਾਬ ਕਾਂਗਰਸ ਸੂਬੇ ਭਰ ‘ਚ ਰੋਸ ਰੈਲੀਆਂ ਵੀ ਕਰੇਗੀ ਅਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਇਸ ਸਬੰਧੀ ਤਰੀਕਾਂ ਦਾ ਐਲਾਨ 14 ਦਸੰਬਰ ਨੂੰ ਹੀ ਕੀਤਾ ਜਾਵੇਗਾ। ਇਸ ਤੋਂ ਬਾਅਦ ਜਾਖੜ ਨੇ ਕਿਹਾ ਕਿ ਸ਼ੰਭੂ ਬੌਰਡਰ ‘ਤੇ ਦਿੱਤੇ ਜਾਣ ਵਾਲੇ ਧਰਨੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਨਹੀਂ ਹੋਣਗੇ।
ਖੇਤੀ ਕਾਨੂੰਨ ਖਿਲਾਫ਼ ਪੰਜਾਬ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੀ ਕਿਸਾਨਾਂ ਦੀ ਹਿਮਾਇਤ ‘ਚ ਨਿੱਤਰੀਆਂ ਹਨ। ਕਾਂਗਰਸ ਨੇ ਵੀ ਖੇਤੀ ਕਾਨੂੰਨ ਖਿਲਾਫ਼ ਰਾਹੁਲ ਗਾਂਧੀ ਦੀ ਅਗਵਾਈ ‘ਚ ਟਰੈਕਟਰ ਰੈਲੀਆਂ ਕੱਢੀਆਂ ਸਨ। ਉਧਰ ਆਮ ਆਦਮੀ ਪਾਰਟੀ ਨੇ ਵੀ ਦਿੱਲੀ ‘ਚ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਅਗਵਾਈ ‘ਚ ਧਰਨਾ ਦਿੱਤਾ ਸੀ। ਇਸ ਤੋਂ ਇਲਾਵਾ ਅਕਾਲੀ ਦਲ ਵੀ ਪੰਜਾਬ ‘ਚ ਰੋਸ ਰੈਲੀਆਂ ਕੱਢ ਚੁੱਕਿਆ ਹੈ।
ਬੀਤੇ ਦਿਨ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਕਿਸਾਨ ਅੰਦੋਲਨ ਦਾ ਵੱਧ ਤੋਂ ਵੱਧ ਸਾਥ ਦਿਓ ਤਾਂ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਹੋ ਜਾਣ। ਹੁਣ ਪੰਜਾਬ ਕਾਂਗਰਸ ਨੇ ਕਿਸਾਨਾਂ ਦੀ ਹਿਮਾਇਤ ਅਤੇ ਖੇਤੀ ਕਾਨੂੰਨ ਖਿਲਾਫ਼ ਸ਼ੰਭੂ ਬੌਰਡਰ ‘ਤੇ ਧਰਨਾ ਦੇਣ ਦਾ ਫੈਸਲਾ ਕੀਤਾ ਹੈ।