ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਦੂਜੇ ਦਿਨ ਵੱਡੀ ਗਿਣਤੀ ‘ਚ ਪਹੁੰਚ ਰਹੇ ਕਿਸਾਨ

Global Team
3 Min Read

ਚੰਡੀਗੜ੍ਹ: ਭਾਰਤ-ਅਮਰੀਕਾ ਟ੍ਰੇਡ ਡੀਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਫਸਲਾਂ ਲਈ MSP, ਪਾਣੀਆਂ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਮੁਹਾਲੀ-ਚੰਡੀਗੜ੍ਹ ਬਾਰਡਰ ’ਤੇ ਡਟੇ ਹੋਏ ਹਨ। 1 ਸਤੰਬਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ 7 ਦਿਨਾਂ ਦਾ ਪੱਕਾ ਮੋਰਚਾ ਹੁਣ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮੋਰਚੇ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ।

32 ਕਿਸਾਨ ਜਥੇਬੰਦੀਆਂ ਮੋਰਚੇ ’ਚ ਸ਼ਾਮਲ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਚੰਡੀਗੜ੍ਹ ਬਾਰਡਰ ’ਤੇ 7 ਦਿਨਾਂ ਤੱਕ ਧਰਨਾ ਦੇ ਰਹੀਆਂ ਹਨ। ਅੱਜ ਕਈ ਕਿਸਾਨ ਆਗੂ ਮੋਰਚੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਆਗੂਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।

ਮੋਰਚੇ ਵਿੱਚ ਕਿਸਾਨਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਧਰਨੇ ਕਾਰਨ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤਿਆਂ ’ਤੇ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ ਹੈ।

IISER ਇੰਸਟੀਚਿਊਟ ਤੋਂ ਜਗਤਪੁਰਾ ਵੱਲ ਆਉਣ ਵਾਲੇ ਰਸਤੇ ’ਤੇ ਪੁਲਿਸ ਨੇ ਇੱਕ ਪਾਸੇ ਦੀ ਸੜਕ ਬੰਦ ਕਰ ਦਿੱਤੀ ਹੈ। ਹੁਣ ਸੜਕ ਦੇ ਇੱਕ ਹਿੱਸੇ ਰਾਹੀਂ ਹੀ ਦੋਵੇਂ ਪਾਸਿਆਂ ਦਾ ਟ੍ਰੈਫਿਕ ਕੱਢਿਆ ਜਾ ਰਿਹਾ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ ’ਤੇ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਵੱਲ ਮੋੜਿਆ ਗਿਆ ਹੈ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਬੀਤੇ ਦਿਨ ਦੱਸਿਆ ਸੀ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਵਾਪਸ ਲੈਣਾ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਅਤੇ ਗੰਨੇ ਦਾ ਰੇਟ ਵਧਾਉਣਾ ਸ਼ਾਮਲ ਹੈ।

ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟਾਂ ਅਤੇ ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਜੁੜੇ ਮੁੱਦਿਆਂ ’ਤੇ ਵੀ ਕਿਸਾਨ ਜਥੇਬੰਦੀਆਂ ਆਪਣਾ ਵਿਰੋਧ ਦਰਜ ਕਰਵਾ ਰਹੀਆਂ ਹਨ।

ਮੁਹਾਲੀ ਪੁਲਿਸ ਦੀ ਟ੍ਰੈਫਿਕ ਐਡਵਾਈਜ਼ਰੀ

ਕਿਸਾਨ ਧਰਨੇ ਦੇ ਮੱਦੇਨਜ਼ਰ ਮੁਹਾਲੀ ਪੁਲਿਸ ਵੱਲੋਂ ਪਹਿਲਾਂ ਹੀ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 1 ਸਤੰਬਰ 2026 ਤੋਂ IISER ਚੌਕ ਤੋਂ ਬੈਸਟੈਕ ਮਾਲ, ਫੇਜ਼-11, ਮੁਹਾਲੀ ਤੋਂ ਜਗਤਪੁਰਾ ਹੁੰਦੇ ਹੋਏ ਚੰਡੀਗੜ੍ਹ ਜਾਣ ਵਾਲੀ ਸੜਕ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕੀਤੀ ਗਈ ਹੈ।

ਪੁਲਿਸ ਨੇ ਵਾਹਨ ਚਾਲਕਾਂ ਨੂੰ ਚੰਡੀਗੜ੍ਹ ਜਾਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਬਦਲਵੇਂ ਰਸਤਿਆਂ ਵਿੱਚ ਲਾਂਡਰਾਂ ਰੋਡ-ਸੈਕਟਰ 82/83 ਰੋਡ, ਏਅਰਪੋਰਟ ਰੋਡ-ਆਈਟੀ ਸਿਟੀ/ਏਰੋਸਿਟੀ ਅਤੇ ਫੇਜ਼-9 ਰੋਡ-ਸੈਕਟਰ 66/68 ਰੋਡ ਸ਼ਾਮਲ ਹਨ।

ਪੁਲਿਸ ਨੇ ਲੋਕਾਂ ਨੂੰ ਆਪਣੀ ਯਾਤਰਾ ਪਹਿਲਾਂ ਤੋਂ ਯੋਜਨਾਬੱਧ ਕਰਨ ਅਤੇ ਸੜਕਾਂ ’ਤੇ ਲੱਗੇ ਟ੍ਰੈਫਿਕ ਸੰਕੇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Share This Article
Leave a Comment