ਸਰਕਾਰ ਦਾ ਵੱਡਾ ਫੈਸਲਾ, ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ

TeamGlobalPunjab
2 Min Read

ਚੰਡੀਗੜ੍ਹ: ਸੂਬੇ ਦੀ ਸਰਕਾਰ ਨੇ ਪਰਾਲੀ ਨਾ ਸਾੜ੍ਹਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਜ਼ਮੀਨ ‘ਤੇ ਗੈਰ-ਬਾਸਮਤੀ ਝੋਨਾ ਲਗਾਉਣ ਵਾਲੇ, 5 ਏਕੜ ਜ਼ਮੀਨ ਦੇ ਮਾਲਕ ਨੂੰ ਪਰਾਲੀ ਨਾ ਜਲਾਉਣ ਦੇ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ, ਜਿਸ ਕੋਲ ਆਪਣੇ, ਪਤਨੀ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਮ ‘ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਹੋਵੇਗੀ ਤੇ ਉਹ ਇਸ ਜ਼ਮੀਨ ਜਾਂ ਇਸਦੇ ਕਿਸੇ ਹਿੱਸੇ ਵਿੱਚ ਗੈਰ – ਬਾਸਮਤੀ ਝੋਨੇ ਦੀ ਖੇਤੀ ਕਰਦੇ ਹੋਣ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਪਰਾਲੀ ਨੂੰ ਅੱਗ ਨਾ ਲਾਈ ਹੋਵੇ।

ਇਹ ਮੁਆਵਜ਼ਾ ਹਾਸਲ ਕਰਨ ਵਾਰੇ ਵਿੱਚ ਪੰਨੂ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀ ਕਰਨ ਵਾਲੇ ਕਿਸਾਨ ਪਰਿਵਾਰ ਦੇ ਮੁੱਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲੱਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ, ਜਿਸ ਦੀ ਤਸਦੀਕ ਕਰਨ ਤੋਂ ਬਾਅਦ ਮੁਆਵਜ਼ੇ ਦੀ ਰਾਸ਼ੀ ਕਿਸਾਨ ਦੇ ਖਾਤੇ ਵਿੱਚ ਆਵੇਗੀ। ਇਸ ਮੌਕੇ ‘ਤੇ ਪੰਨੂ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਬਿਲਕੁੱਲ ਅੱਗ ਨਹੀਂ ਲਗਾਉਣਗੇ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ਉੱਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਹੈ ਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Share this Article
Leave a comment