ਚੰਡੀਗੜ੍ਹ: ਪੰਜਾਬ ਦੇ 9 ਜਿਲ੍ਹੇ ਇਨ੍ਹੀਂ ਦਿਨੀਂ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਦੇ ਘਰ ਅਤੇ ਫਸਲਾਂ ਦੋਵੇਂ ਤਬਾਹ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਰੁਕੇ ਹੋਏ ਫੰਡ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਸੀਐਮ ਨੇ ਦੱਸਿਆ ਕਿ ਹੁਣ ਤੱਕ 1000 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਲਗਭਗ 3 ਲੱਖ ਏਕੜ ਖੇਤੀ ਜ਼ਮੀਨ ਪਾਣੀ ਵਿੱਚ ਡੁੱਬ ਚੁੱਕੀ ਹੈ। ਹੜ੍ਹ ਦਾ ਸਭ ਤੋਂ ਵੱਧ ਅਸਰ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜਿਲ੍ਹਿਆਂ ਵਿੱਚ ਦੇਖਿਆ ਜਾ ਰਿਹਾ ਹੈ। ਹੁਣ ਤੱਕ ਪੰਜਾਬ ਵਿੱਚ 11,330 ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ।
50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਤਿਆਰ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਹੈ ਕਿ SDRF ਦੇ ਨਿਯਮਾਂ ਵਿੱਚ ਬਦਲਾਅ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਹੜ੍ਹ ਕਾਰਨ ਹੋਏ ਨੁਕਸਾਨ ਦੇ ਬਦਲੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਸਕੇ। ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਤਿਆਰ ਹੈ, ਪਰ ਇਸ ਲਈ ਕੇਂਦਰ ਸਰਕਾਰ ਦੀ ਸਹਿਮਤੀ ਜ਼ਰੂਰੀ ਹੈ।
ਪੰਜਾਬ ਵਿੱਚ ਅਗਸਤ 2025 ਵਿੱਚ ਕੁੱਲ 253.7 ਮਿਲੀਮੀਟਰ ਬਰਸਾਤ ਹੋਈ, ਜੋ ਸਾਧਾਰਨ ਬਰਸਾਤ ਨਾਲੋਂ 74% ਵੱਧ ਹੈ। ਆਮ ਤੌਰ ’ਤੇ ਪੰਜਾਬ ਵਿੱਚ ਅਗਸਤ ਮਹੀਨੇ ਵਿੱਚ 146.2 ਮਿਲੀਮੀਟਰ ਬਰਸਾਤ ਹੁੰਦੀ ਹੈ। ਇਹ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਇਸ ਮੌਸਮ ਨੇ ਲੋਕਾਂ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਰਕਾਰ ਵੱਲੋਂ ਹੁਣ ਤੱਕ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਵੀ ਕੀਤਾ ਗਿਆ ਹੈ।