BIG NEWS : ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕੀਤਾ ਵਾਧਾ

TeamGlobalPunjab
2 Min Read

ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਪ੍ਰਦਰਸ਼ਨ ਕੀਤਾ ਖਤਮ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਇਸ ਤੋਂ ਬਾਅਦ, ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਅਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਪ੍ਰਤੀ ਧੰਨਵਾਦ ਪ੍ਰਗਟ ਕੀਤਾ।

 

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀ 40 ਫੀਸਦੀ ਹਿੱਸੇਦਾਰੀ ਦੇ ਹਿਸਾਬ ਨਾਲ ਮਾਣ ਭੱਤਾ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ “ਹੁਣ 26074 ਆਂਗਨਵਾੜੀ ਵਰਕਰਾਂ ਨੂੰ ਪ੍ਰਤੀ ਮਹੀਨਾ 600 ਰੁਪਏ ਹੋਰ ਮਿਲਣਗੇ, ਜਦੋਂ ਕਿ 1240 ਮਿੰਨੀ ਆਂਗਨਵਾੜੀ ਵਰਕਰਾਂ ਨੂੰ ਵਧੇ ਹੋਏ ਮਾਣ ਭੱਤੇ ਦੇ ਰੂਪ ਵਿੱਚ 500 ਰੁਪਏ ਹੋਰ ਮਿਲਣਗੇ ਅਤੇ 26074 ਆਂਗਨਵਾੜੀ ਹੈਲਪਰਾਂ ਹਰ ਮਹੀਨੇ 300 ਰੁਪਏ ਹੋਰ ਮਾਣਭੱਤੇ ਵਜੋਂ ਪ੍ਰਾਪਤ ਕਰਨ ਦੇ ਯੋਗ ਹੋਣਗੀਆਂ।”

ਅਰੁਨਾ ਚੌਧਰੀ ਨੇ ਇਸ ਮੰਗ ਨੂੰ ਜਾਇਜ਼ ਅਤੇ ਲੰਮੇ ਸਮੇਂ ਤੋਂ ਲਟਕਦੀ ਮੰਨਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਇਹ ਮੁੱਦਾ ਉਠਾਇਆ ਸੀ। ਪ੍ਰਸਤਾਵ ‘ਤੇ ਮੁੱਖ ਮੰਤਰੀ ਦੀ ਹਰੀ ਝੰਡੀ ਮਿਲਣ ਤੋਂ ਬਾਅਦ, 28 ਜੁਲਾਈ ਨੂੰ ਵਿੱਤ ਮੰਤਰੀ ਨਾਲ ਵਿਚਾਰ -ਵਟਾਂਦਰਾ ਹੋਇਆ।

ਅਰੁਨਾ ਚੌਧਰੀ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਨੇ ਇਸ ਸਬੰਧ ਵਿੱਚ ਪੱਤਰ ਜਾਰੀ ਕੀਤਾ ਹੈ। ਇਸ ਦੌਰਾਨ ਮੁੱਖ ਮੰਗ ਪੂਰੀ ਹੋਣ ਉਤੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ ਹੈ।

Share this Article
Leave a comment