ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਕਸ-ਗ੍ਰੇਸ਼ੀਆ ਦਾ ਐਲਾਨ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ  ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ),  ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਕਰੋੜ ਰੁਪਏ ਨਾਲ ਵਿਛੜੀਆਂ ਰੂਹਾਂ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਪਰ ਇਸ ਨਾਲ ਪਰਿਵਾਰਕ ਨੂੰ ਆਰਥਕ ਮਦਦ ਜ਼ਰੂਰ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਲਿਆਉਣ ਵਿਚ ਪੰਜਾਬੀਆਂ ਦਾ 90 ਫੀਸਦ ਯੋਗਦਾਨ ਹੈ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਸਾਡੇ ਯੋਧੇ ਸਰਹੱਦਾਂ ’ਤੇ ਰਾਖੀ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ  ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment