ਪੰਜਾਬ ਸਰਕਾਰ ਨੇ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

Global Team
2 Min Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।

ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਹਰਮਨਪ੍ਰੀਤ ਸਿੰਘ ਨੇ 10 ਗੋਲ ਕੀਤੇ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇਕ-ਇਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਇਸ ਤੋਂ ਪਹਿਲਾਂ ਲਗਾਤਾਰ ਦੋ ਤਮਗ਼ੇ 1968 ਮੈਕਸੀਕੋ ਤੇ 1972 ਮਿਊਨਿਖ ਜਿੱਤੇ ਸਨ।

- Advertisement -

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲੀ ਲਈ ਰਾਹ ਪੱਧਰਾ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਟੀਮ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਵਾਰ ਫਿਰ ਦੇਸ਼ ਦੇ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ ਹੈ।

Share this Article
Leave a comment