ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।